ਜੋਗਿੰਦਰ ਸਿੰਘ ਮਾਨ
ਮਾਨਸਾ, 20 ਜੂਨ
ਸ਼ਹਿਰ ਦੇ ਵਾਰਡ ਨੰਬਰ-27 ਦੇ ਲੋਕਾਂ ਵੱਲੋਂ ਖੱਬੇ ਪੱਖੀਆਂ ਪਾਰਟੀਆਂ ਦੀ ਅਗਵਾਈ ਹੇਠ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰਨ ਤੇ ਤੇਲ ਕੀਮਤਾਂ ਵਿੱਚ ਰੋਜ਼ਾਨਾ ਕੀਤੇ ਜਾ ਰਹੇ ਵਾਧੇ ਖਿਲਾਫ਼ ਅਰਥੀ ਸਾੜੀ ਗਈ। ਲਬਿਰੇਸ਼ਨ ਦੇ ਸੂਬਾ ਆਗੂ ਕਾ. ਗੁਰਜੰਟ ਸਿੰਘ ਮਾਨਸਾ, ਸੀਪੀਆਈ ਦੇ ਆਗੂ ਰਤਨ ਭੋਲਾ, ਇਨਕਲਾਬੀ ਨੌਜਵਾਨ ਦੇ ਸੂਬਾਈ ਆਗੂ ਵਿੰਦਰ ਅਲਖ, ਏਪਵਾ ਆਗੂ ਨਰਿੰਦਰ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਨੇ 13 ਵਾਰ ਤੇਲ ਦੀਆਂ ਕੀਮਤਾਂ ਵਧਾ ਕੇ ਆਰਥਿਕ ਸੰਕਟ ਨਾਲ ਜੂਝ ਰਹੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਇੱਕ ਵੱਖਰੇ ਬਿਆਨ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧੇ ਖਿਲਾਫ਼ 24 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਹੈ।
ਨਥਾਣਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਦੇ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਬਲਾਕ ਆਗੂ ਅਵਤਾਰ ਸਿੰਘ ਪੂਹਲਾ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਰੋਜ਼ਾਨਾ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ’ਚ ਵਾਧਾ ਕਰ ਕੇ ਲੋਕਾਂ ਉੱਪਰ ਭਾਰੀ ਆਰਥਿਕ ਬੋਝ ਪਾਇਆ ਜਾ ਰਿਹਾ ਹੈ।
ਤਪਾ ਮੰਡੀ (ਸੀ. ਮਾਰਕੰਡਾ): ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਅੱਜ ਪਿੰਡ ਢਿੱਲਵਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਝੁਨੀਰ(ਪੱਤਰ ਪ੍ਰੇਰਕ): ਪੰਜਾਬ ਕਿਸਾਨ ਯੂਨੀਅਨ ਨੇ ਬਲਾਕ ਪ੍ਰਧਾਨ ਅਮਰੀਕ ਸਿੰਘ ਕੋਟਧਰਮੂ ਦੀ ਅਗਵਾਈ ਵਿੱਚ ਅੱਜ ਪਿੰਡ ਨੰਦਗੜ੍ਹ ਵਿੱਚ ਮੋਦੀ ਸਰਕਾਰ ਦੀਆਂ ਕਿਸਾਨ-ਮਜ਼ਦੂਰ ਅਤੇ ਆਮ ਲੋਕਾਂ ਵਿਰੋਧੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਉਸ ਦੀ ਅਰਥੀ ਸਾੜੀ।
ਆਰਡੀਨੈਂਸਾਂ ਦੀਆਂ ਕਾਪੀਆਂ ਸਾੜਨ ਦਾ ਸੱਦਾ
ਭਾਈਰੂਪਾ, (ਪੱਤਰ ਪ੍ਰੇਰਕ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਬਠਿੰਡਾ ਕਮੇਟੀ ਦੀ ਮੀਟਿੰਗ ਲੰਗਰ ਹਾਲ ਭਾਈਰੂਪਾ ਵਿੱਚ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਗੁੰਮਟੀ ਕਲਾਂ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਕਿ ਤਮਾਮ ਐਲਾਨਾਂ ਅਤੇ ਵੱਧਦੀਆਂ ਤੇਲ ਕੀਮਤਾਂ ਦੇ ਵਿਰੋਧ ਵਿੱਚ ਪਿੰਡ ਪੱਧਰ ਤੋਂ ਲੈ ਕੇ ਬਲਾਕ, ਤਹਿਸੀਲ ਅਤੇ ਜ਼ਿਲ੍ਹਾ ਪੱਧਰ ਤੱਕ 22 ਜੂਨ ਤੋਂ 28 ਜੂਨ ਤੱਕ ਇਕ ਹਫਤਾ ਮੋਦੀ ਸਰਕਾਰ ਦੀਆਂ ਅਤੇ ਉਪਰੋਕਤ ਚਾਰ ਕਾਨੂੰਨਾਂ ਦੀਆਂ ਅਰਥੀਆਂ ਸਾੜੇਗੀ ਅਤੇ 29 ਜੂਨ ਨੂੰ ਅਕਾਲੀਆਂ ਅਤੇ ਭਾਜਪਾ ਦੇ ਆਗੂਆਂ ਦੇ ਦਫਤਰਾਂ ਜਾਂ ਘਰਾਂ ਅੱਗੇ ਮੋਦੀ ਸਰਕਾਰ ਦੇ ਪੁਤਲਿਆਂ ਦੇ ਨਾਲ ਨਾਲ ਇਨ੍ਹਾਂ ਆਰਡੀਨੈਂਸਾਂ ਅਤੇ ਬਿੱਲਾਂ ਦੀਆਂ ਕਾਪੀਆਂ ਸਾੜੇਗੀ।