ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਮਾਨ ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਲੋਕਾਂ ਦੇ ਮੁੱਦਿਆਂ ’ਤੇ ਵਿਧਾਨ ਸਭਾ ਚੋਣਾਂ ਲੜਣਗੇ। ਉਹ ਇੱਥੇ ਡੇਰਾ ਭਾਈ ਮਸਤਾਨ ਸਿੰਘ ਵਿਚ ਬਰਗਾੜੀ ਕਾਂਡ ਸਬੰਧੀ ਹੋ ਰਹੀ ਰੈਲੀ ਵਾਸਤੇ ਲੋਕਾਂ ਨੂੰ ਜਾਗਰੂਕ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਸਬੰਧੀ ਸਾਰੀਆਂ ਪਾਰਟੀਆਂ ਵੱਲੋਂ ਝੂਠੇ ਵਾਅਦੇ ਕੀਤੇ ਜਾ ਰਹੇ ਹਨ ਜਦੋਂਕਿ ਉਹ ਕੋਈ ਝੂਠਾ ਵਾਅਦਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਘੱਟ ਗਿਣਤੀਆਂ ਲਈ ਮਾਰੂ ਹੈ ਅਤੇ ਅਕਾਲੀ-ਭਾਜਪਾ ਗੱਠਜੋੜ ਸੰਵਿਧਾਨਿਕ ਤੌਰ ’ਤੇ ਹੀ ਗ਼ਲਤ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਾਜ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਤੇ ਕਾਂਗਰਸ ਦੇ ਰਾਜ ’ਚ ਵੀ ਕੋਈ ਦੋਸ਼ੀ ਨਹੀਂ ਫੜਿਆ ਗਿਆ। ਇਹ ਸਾਬਤ ਕਰਦਾ ਹੈ ਕਿ ਇਹ ਸਾਰੇ ਰਲਮਿਲ ਕੇ ਸਿਆਸਤ ਕਰ ਰਹੇ ਹਨ। -ਨਿੱਜੀ ਪੱਤਰ ਪ੍ਰੇਰਕ