ਪੱਤਰ ਪ੍ਰੇਰਕ
ਭਾਈ ਰੂਪਾ, 26 ਜੂਨ
ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਜਾਰੀ ਲੜਾਈ ਵਿੱਚ ਆਮ ਲੋਕਾਂ ਤੋਂ ਸਹਿਯੋਗ ਲੈਣ ਵਾਸਤੇ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਫੂਲ ਦੀ ਪੁਲੀਸ ਵੱਲੋਂ ਪਿੰਡ ਘੰਡਾਬੰਨਾ ਵਿੱਚ ਗ੍ਰਾਮ ਪੰਚਾਇਤ ਤੇ ਨਗਰ ਵਾਸੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਡੀਐੱਸਪੀ ਫੂਲ ਪ੍ਰਿਤਪਾਲ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਵਰਗੀ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਪੁਲੀਸ ਨੂੰ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਸਹਿਯੋਗ’ ਦਾ ਮੁੱਖ ਮਕਸਦ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਹਰ ਨਾਗਰਿਕ ਨੂੰ ਆਪਣੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੁਲੀਸ ਵੱਲੋਂ ਲੋਕਾਂ ਨਾਲ ਸਬ-ਡਵੀਜ਼ਨ, ਬਲਾਕ, ਥਾਣਾ ਅਤੇ ਪਿੰਡ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਡੀਐੱਸਪੀ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਜੇ ਕਿਸੇ ਕੋਲ ਵੀ ਨਸ਼ਾ ਵੇਚਣ ਵਾਲੇ ਵਿਅਕਤੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲੀਸ ਨਾਲ ਸਾਂਝੀ ਕਰੇ। ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐੱਸਐੱਚਓ ਫੂਲ ਹਰਬੰਸ ਸਿੰਘ, ਗ੍ਰਾਮ ਪੰਚਾਇਤ ਦੇ ਨੁਮਾਇੰਦੇ ਅਤੇ ਪਿੰਡ ਦੇ ਪਤਵੰਤੇ ਹਾਜ਼ਰ ਸਨ।