ਜੋਗਿੰਦਰ ਸਿੰਘ ਮਾਨ/ਹਰਦੀਪ ਸਿੰਘ ਜਟਾਣਾ
ਮਾਨਸਾ, 23 ਜੂਨ
ਪੇਂਡੂ ਸਿਹਤ ਫਾਰਮੇਸੀ ਅਫਸਰ ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਵੱਲੋਂ ਆਪਣੀਆ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਧਰਨਾ ਲਾਇਆ ਗਿਆ, ਜਿਸ ਦੌਰਾਨ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਨੇ ਮੰਗ ਕੀਤੀ ਕਿ ਉਹ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਨੂੰ ਜ਼ੋਖ਼ਮ ਵਿੱਚ ਪਾ ਕੇ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਅਤਲਾ ਨੇ ਦੱਸਿਆ ਕਿ ਮਾਨਸਾ ਵਿਖੇ ਇਕੱਤਰ ਹੋਏ ਫਾਰਮਾਸਿਸਟਾਂ ਨੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਇਸ ਦਾ ਸਿੱਧੇ ਤੌਰ ‘ਤੇ ਜ਼ਿੰਮੇਵਾਰ ਦੱਸਦੇ ਹੋਏ ਕੈਬਨਿਟ ਮੰਤਰੀ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਇਸ ਵਿੱਚ ਦਖਲ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਪਿਛਲੇ 14 ਸਾਲਾਂ ਤੋਂ ਕੋਈ ਸਾਰ ਨਹੀਂ ਲਈ,ਕੋਈ ਸੁਣਵਾਈ ਨਾ ਹੋਣ ਕਾਰਨ ਮਜਬੂਰਨ ਫਾਰਮਾਸਿਸਟਾਂ ਨੂੰ ਸੰਘਰਸ਼ ਦੇ ਰਾਹ ਤੁਰਨਾ ਪਿਆ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ ਪੰਚਾਇਤ ਮੰਤਰੀ ਦੀ ਰਿਹਾਇਸ਼ ਪਿੰਡ ਕਾਦੀਆਂ (ਗੁਰਦਾਸਪੁਰ) ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਅਤੇ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਮੋਫਰ, ਤਰਸੇਮ ਰੱਲਾ, ਜਸਪਾਲ ਸਿੰਘ, ਗੁਰਪ੍ਰੀਤ ਅਤਲਾ, ਰਜਨੀ ਬਾਲਾ, ਜਸਪਾਲ ਕੌਰ, ਗੋਬਿੰਦ ਸਿੰਘ,ਹਰਪਾਲ ਸਿੰਘ ਮਾਖਾ,ਜਸਪਾਲ ਸਿੰਘ ਦਲੇਲ ਵਾਲਾ ਨੇ ਵੀ ਸੰਬੋਧਨ ਕੀਤਾ।