ਜੋਗਿੰਦਰ ਸਿੰਘ ਮਾਨ
ਮਾਨਸਾ, 14 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਇੱਥੇ ਗੁਲਾਬੀ ਸੁੰਡੀ ਨਾਲ ਨਰਮੇ ਦੀ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ-ਮਜ਼ਦੂਰਾਂ ਨੂੰ ਨਾ ਦੇਣ ਦੀ ਸੂਰਤ ਵਿੱਚ ਅਣਮਿੱਥੇ ਸਮੇਂ ਲਈ ਡੀਸੀ ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਿੰਨੇ ਚਿਰ ਤੱਕ ਮੁਆਵਜ਼ਾ ਨਹੀਂ ਦਿੱਤਾ ਜਾਂਦਾ, ਓਨਾ ਚਿਰ ਤੱਕ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ।
ਇਸ ਮੌੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਨਰਮੇ ਦੀ ਫ਼ਸਲ ਅਪਰੈਲ ਵਿੱਚ ਬੀਜਣ ਦਾ ਸਮਾਂ ਸ਼ੁਰੂ ਹੋ ਜਾਵੇਗਾ, ਪਰ ਜਿਲ੍ਹਾ ਪ੍ਰਸ਼ਾਸਨ ਨੇ ਲੰਘੇ ਸੀਜਨ ਵਿੱਚ ਸੁੰਡੀ ਨਾਲ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਵਿੱਚ ਨਹੀਂ ਵੰਡਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਦਰਜਨਾਂ ਅਜਿਹੇ ਪਿੰਡ ਹਨ, ਜਿੱਥੋਂ ਦੇ ਇੱਕ ਵੀ ਕਿਸਾਨ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਜਦਕਿ ਜਿਹੜੇ ਪਿੰਡਾਂ ਵਿੱਚ ਮੁਆਵਜ਼ੇ ਦੀ ਵੰਡ ਕੀਤੀ ਗਈ ਹੈ, ਉੱਥੇ ਵੀ ਵਿਤਕਰੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤੇ ਕਿਸਾਨਾਂ ਨੂੰ ਅੱਧੀ ਫ਼ਸਲ ਦੇ ਪੈਸੇ ਦਿੱਤੇ ਗਏ ਹਨ, ਬਾਕੀ ਦੇ ਰੋਕ ਲਏ ਗਏ ਹਨ ਅਤੇ ਇਨ੍ਹਾਂ ਹੀ ਪਿੰਡਾਂ ਵਿੱਚ ਅਜਿਹੇ ਵੀ ਕਿਸਾਨ ਹਨ, ਜਿਨ੍ਹਾਂ ਨੂੰ ਕੁੱਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਰਮੇ ਦੇ ਹੋਏ ਨੁਕਸਾਨ ਸਮੇਂ ਜਥੇਬੰਦੀ ਵੱਲੋਂ ਮੁਆਵਜ਼ੇ ਲਈ ਸਵਾ ਮਹੀਨਾ ਲੜੇ ਗਏ ਅੰਦੋਲਨ ਦੌਰਾਨ ਪਿਛਲੀ ਕਾਂਗਰਸ ਸਰਕਾਰ ਨੇ ਜਥੇਬੰਦੀ ਦੇ ਆਗੂਆਂ ਨਾਲ ਫ਼ੈਸਲਾ ਕੀਤਾ ਸੀ ਕਿ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਪ੍ਰਤੀ ਏਕੜ 17000 ਰੁਪਏ ਇਸ ਤੋਂ ਵੱਖਰਾ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਤੁਰੰਤ ਰਹਿੰਦੇ ਮੁਆਵਜ਼ੇ ਦੀ ਵੰਡ ਨਾ ਕੀਤੀ ਗਈ ਤਾਂ ਜਥੇਬੰਦੀ ਵੱਲੋਂ 17 ਮਾਰਚ ਨੂੰ ਡੀਸੀ ਦਫ਼ਤਰ ਮਾਨਸਾ ਦਾ ਘਿਰਾਓ ਕੀਤਾ ਜਾਵੇਗਾ।
ਡੀਸੀ ਦਫ਼ਤਰ ਦਾ ਘਿਰਾਓ ਅੱਜ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਅੱਠ ਦਿਨਾਂ ਤੋਂ ਗੁਲਾਬੀ ਸੁੰਡੀ ਦੇ ਮੁਆਵਜ਼ੇ ਨੂੰ ਲੈ ਕੇ ਦਿਨ-ਰਾਤ ਦਾ ਧਰਨਾ ਅੱਜ ਵੀ ਜਾਰੀ ਰਿਹਾ। ਕਿਸਾਨ ਆਗੂਆਂ ਭਾਕਿਯੂ ਏਕਤਾ (ਡਕੌਂਦਾ) ਇਕਬਾਲ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਕ੍ਰਿਸ਼ਨ ਚੌਹਾਨ, ਬੀਕੇਯੂ ਮਾਨਸਾ ਉੱਗਰ ਸਿੰਘ ਮਾਨਸਾ, ਪੰਜਾਬ ਕਿਸਾਨ ਯੂਨੀਅਨ ਦੇ ਕਰਨੈਲ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਮੇਜਰ ਸਿੰਘ ਦੂਲੋਵਾਲ ਨੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਧਿਰਾਂ ਦੀ ਤਰ੍ਹਾਂ ਕੇਵਲ ਸਹੁੰ ਚੁੱਕ ਸਮਾਗਮ ’ਤੇ ਕਰੋੜਾਂ ਰੁਪਏ ਦਾ ਨਾਜਾਇਜ਼ ਖਰਚਾ ਕਰ ਕੇ ਖ਼ਜ਼ਾਨੇ ਅਤੇ ਲੋਕਾਂ ’ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ, ਪਰ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਭਲਕੇ 15 ਮਾਰਚ ਨੂੰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।