ਸ਼ਗਨ ਕਟਾਰੀਆ
ਜੈਤੋ, 8 ਜੁਲਾਈ
ਇੱਥੇ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਫ਼ਰੀਦਕੋਟ ਜ਼ਿਲ੍ਹੇ ਦੇ ਆਗੂਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੀਆਂ ਇਕਾਈਆਂ ਅੰਦਰ ਫੰਡਾਂ ਦੀ ਪਾਰਦਰਸ਼ਤਾ ਲਿਆਉਣ ਦੇ ਮੁੱਦੇ ’ਤੇ ਚਰਚਾ ਹੋਈ। ਇਸ ਸਬੰਧੀ ਦੋ ਮੈਂਬਰੀ ਆਡਿਟ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੁੱਚੀਆਂ ਇਕਾਈਆਂ, ਤਿੰਨੋਂ ਬਲਾਕਾਂ ਅਤੇ ਜ਼ਿਲ੍ਹੇ ਦੇ ਫੰਡਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਬਲਾਕ ਅਤੇ ਜ਼ਿਲ੍ਹਾ ਆਗੂਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ‘ਜੋ ਪਿੰਡ ਪੱਧਰੀ ਇਕਾਈਆਂ ਫੰਡ ਇਕੱਠਾ ਨਹੀਂ ਕਰ ਰਹੀਆਂ, ਉਨ੍ਹਾਂ ਪਿੰਡਾਂ ਵਿੱਚ ਜ਼ਿਲ੍ਹੇ ਅਤੇ ਬਲਾਕਾਂ ਦੇ ਆਗੂ ਖੁਦ ਜਾ ਕੇ ਫੰੰਡ ਇਕੱਠੇ ਕਰਨ।
ਇਸ ਤੋਂ ਇਲਾਵਾ ਕਈ ਹੋਰ ਭਖ਼ਦੇ ਮਸਲਿਆਂ ’ਤੇ ਵਿਚਾਰ ਚਰਚਾ ਸਮੇਤ 11 ਜੁਲਾਈ ਤੋਂ ਮਨਜੀਤ ਸਿੰਘ ਘਰਾਚੋਂ ਦੇ ਮਾਮਲੇ ’ਤੇ ਸੰਘਰਸ਼ ਸ਼ੁਰੂ ਕੀਤੇ ਜਾਣ ਤੋਂ ਇਲਾਵਾ ਭਾਰਤ ਮਾਲਾ ਪ੍ਰਾਜੈਕਟ, ਗੈਸਪਾਈਪ ਲਾਈਨ ਅਤੇ ਜਹਾਂਗੀਰ ਦੇ ਮਸਲੇ ਨੂੰ ਲੈ ਕੇ ਗੰਭੀਰ ਚਰਚਾ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਧਰਨਾ ਲਾਏ ਜਾਣ ਬਾਰੇ ਵਿਉਂਤਬੰਦੀ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਸਪਾਲ ਸਿੰਘ ਨੰਗਲ, ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਜਿਓਣਵਾਲਾ ਤੋਂ ਇਲਾਵਾ ਬਲਾਕ ਜੈਤੋ ਦੇ ਪ੍ਰਧਾਨ ਜਗਜੀਤ ਸਿੰਘ ਜੈਤੋ, ਬਲਾਕ ਜੈਤੋ ਦੇ ਆਗੂ ਛਿੰਦਾ ਸਿੰਘ ਸਮੇਤ ਪਿੰਡ ਇਕਾਈਆਂ ਦੇ ਆਗੂ ਹਾਜ਼ਰ ਸਨ।