ਅੰਮ੍ਰਿਤਪਾਲ ਸਿੰਘ ਧਾਲੀਵਾਲ
ਰੂੜੇਕੇ ਕਲਾਂ, 6 ਅਪਰੈਲ
ਪੰਜਾਬ ’ਚ ਭਾਵੇਂ ਸੱਤਾ ਪਰਿਵਰਤਨ ਹੋ ਗਿਆ ਹੈ, ਪਰ ਇਸਦੇ ਬਾਵਜੂਦ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਪਹਿਲਾਂ ਦੀ ਤਰ੍ਹਾਂ ਸੰਘਰਸ਼ ਕਰਨੇ ਪੈ ਰਹੇ ਹਨ। ਇਸ ਤਰ੍ਹਾਂ ਦਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਬਿਜਲੀ ਗਰਿੱਡ ਦਾ ਹੈ, ਜਿੱਥੇ 4 ਪਿੰਡਾਂ ਦੇ ਲੋਕਾਂ ਵੱਲੋਂ ਘਰੇਲੂ ਬਿਜਲੀ ਦੇ ਲੰਬੇ ਕੱਟਾਂ ਤੋਂ ਦੁਖੀ ਹੋ ਕੇ ਬਿਜਲੀ ਗਰਿੱਡ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ ਗਿਆ।
ਬਿਜਲੀ ਗਰਿੱਡ ਦੇ ਅੱਗੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਬਰਨਾਲਾ ਜ਼ਿਲ੍ਹੇ ਦੇ 4 ਪਿੰਡ ਧੌਲਾ, ਰੂੜੇਕੇ ਕਲਾਂ, ਕਾਹਨੇਕੇ ਅਤੇ ਧੂਰਕੋਟ ਵਿੱਚ ਬਿਜਲੀ ਵਿਭਾਗ ਵੱਲੋਂ ਘਰੇਲੂ ਬਿਜਲੀ ਸਪਲਾਈ ਦੇ ਅਣ-ਐਲਾਨੇ ਲੰਬੇ ਲੰਬੇ ਕੱਟ ਲਗਾਏ ਜਾ ਰਹੇ ਹਨ। ਜਿਸ ਕਾਰਨ ਪੀਣ ਦੇ ਪਾਣੀ ਤੱਕ ਦੀ ਸਮੱਸਿਆ ਲੋਕਾਂ ਦੇ ਸਾਹਮਣੇ ਖੜ੍ਹੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕੱਟ ਲੱਗ ਰਹੇ ਹਨ, ਪਰ ਪਿਛਲੇ ਚਾਰ-ਪੰਜ ਦਿਨਾਂ ਤੋਂ ਬਿਜਲੀ ਵਿਭਾਗ ਵੱਲੋਂ ਘਰੇਲੂ ਬਿਜਲੀ ਦੇ 8 ਘੰਟਿਆਂ ਤੋਂ ਜ਼ਿਆਦਾ ਆਣ-ਐਲਾਨੇ ਕੱਟ ਲਗਾਏ ਜਾ ਰਹੇ ਹਨ, ਜਿਸ ਨਾਲ ਪ੍ਰੇਸ਼ਾਨ ਹੋ ਕੇ ਅੱਜ ਇਨ੍ਹਾਂ ਚਾਰ ਪਿੰਡਾਂ ਦੇ ਲੋਕਾਂ ਵੱਲੋਂ ਬਿਜਲੀ ਗਰਿਡ ਦਾ ਘਿਰਾਓ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਨਾ ਆਉਣ ਕਾਰਨ ਲੋਕ ਘਰਾਂ ਵਿੱਚ ਪੀਣ ਦੇ ਪਾਣੀ ਨੂੰ ਤਰਸ ਰਹੇ ਹਨ। ਉਥੇ ਹੀ ਜਾਨਵਰ ਵੀ ਪੀਣ ਵਾਲੇ ਪਾਣੀ ਲਈ ਤਰਸ ਰਹੇ ਹਨ ਤੇ ਲੋਕ ਆਪਣੇ ਦਿਨ ਦੇ ਕੰਮ ਬਿਜਲੀ ਨਾ ਹੋਣ ਕਾਰਨ ਨਹੀਂ ਕਰ ਪਾ ਰਹੇ। ਉਨ੍ਹਾਂ ਭਗਵੰਤ ਮਾਨ ਦੀ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਾਂ ਵੱਲੋਂ ਇਸ ਵਿਸ਼ਵਾਸ ਦੇ ਨਾਲ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਨੂੰ ਵੋਟ ਪਾਈ ਸੀ ਕਿ ਇਹ ਲੋਕ ਸੱਤਾ ਵਿੱਚ ਆ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੰਮ ਕਰ ਰਹੀ ਹੈ ਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਬਿਜਲੀ ਵਿਭਾਗ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਕਿਸਾਨਾਂ ਵੱਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ।
ਇਸ ਪੂਰੇ ਮਾਮਲੇ ਉੱਤੇ ਬਿਜਲੀ ਵਿਭਾਗ ਦੇ ਧੌਲੇ ਗਰਿਡ ਦੇ ਅਧਿਕਾਰੀ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਬਿਜਲੀ ਦੇ ਕੱਟ ਲਗਾਉਣ ਦਾ ਆਦੇਸ਼ ਉੱਚ ਅਧਿਕਾਰੀਆਂ ਵੱਲੋਂ ਦਿੱਤਾ ਜਾਂਦਾ ਹੈ ਤੇ ਜਿਵੇਂ ਹੀ ਉਨ੍ਹਾਂ ਨੂੰ ਉੱਤੋਂ ਆਦੇਸ਼ ਆਉਂਦੇ ਹਨ, ਉਸੇ ਤਰ੍ਹਾਂ ਨਾਲ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਥਰਮਲ ਪਲਾਂਟਾਂ ਦੀ ਰਿਪੇਅਰ ਕਾਰਨ ਵੀ ਬਿਜਲੀ ਦੀ ਸਪਲਾਈ ’ਚ ਰੁਕਾਵਟ ਪੈ ਰਹੀ ਹੈ।