ਪੱਤਰ ਪ੍ਰੇਰਕ
ਜ਼ੀਰਾ, 25 ਜੁਲਾਈ
ਇਥੇ ਪਾਵਰਕੌਮ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਜ਼ੀਰਾ ਦੇ ਪਾਵਰਕੌਮ ਦਫ਼ਤਰ ਦਾ ਦੌਰਾ ਕੀਤਾ ਗਿਆ। ਇਸ ਵੇਲੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵੀ ਉਨ੍ਹਾਂ ਨਾਲ ਮੌਜੂਦ ਹਾਜ਼ਰ ਸਨ। ਚੈਕਿੰਗ ਦੌਰਾਨ ਪਾਵਰਕੌਮ ਮੰਤਰੀ ਵੱਲੋਂ ਦਫ਼ਤਰ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਂਦੀ ਪਬਲਿਕ ਡੀਲਿੰਗ ਦਾ ਨਿਰੀਖ਼ਣ ਕੀਤਾ ਗਿਆ। ਉਨ੍ਹਾਂ ਨੇ ਸਮੁੱਚੇ ਦਫ਼ਤਰ ਦੀ ਕਾਰਗੁਜ਼ਾਰੀ ਅਤੇ ਮੁਲਾਜ਼ਮਾਂ ਦੀ ਹਾਜ਼ਰੀ ਤੋਂ ਇਲਾਵਾ ਮੁਲਾਜ਼ਮ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਵਰਕੌਮ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਨਤਾ ਨੂੰ ਜੋ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ , ਉਹ ਪੂਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਮੋਟਰਾਂ ਦੇ ਲੋਡ ਵਧਾਉਣ ਲਈ ਨਿਰਧਾਰਿਤ ਫੀਸ ਨੂੰ ਘਟਾ ਕੇ ਰਾਹਤ ਦਿੱਤੀ ਗਈ ਹੈ। ਉਨ੍ਹਾਂ ਨੇ ਬਿਜਲੀ ਚੋਰੀ ਕਰਨ ਵਾਲੇ ਲੋਕਾਂ ਅਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਕਰਨ ਵਾਲੇ ਮੁਲਾਜ਼ਮਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਅਜਿਹੇ ਲੋਕ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।