ਨਵਕਿਰਨ ਸਿੰਘ
ਮਹਿਲ ਕਲਾਂ, 2 ਨਵੰਬਰ
ਪਾਵਰਕੌਮ ਦੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਖਾਤਰ ਮਹਿਲ ਕਲਾਂ ਵਿਖੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੈਨਸ਼ਨਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਸੂਬਾ ਸਰਕਾਰ ਧਿਆਨ ਨਹੀਂ ਦੇ ਰਹੀ।
ਇਸ ਮੌਕੇ ਸੰਬੋਧਨ ਕਰਦਿਆਂ ਪੈਨਸ਼ਨਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਮਾਂਗੇਵਾਲ, ਸ਼ਿੰਗਾਰਾ ਸਿੰਘ ਕੁਰੜ, ਭਾਗ ਸਿੰਘ ਚੰਨਣਵਾਲ, ਸਰਦਾਰਾ ਸਿੰਘ ਗੁਰਮ, ਜਗਮੀਤ ਸਿੰਘ ਧਨੇਰ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਛੇਵਾਂ ਪੇਅ ਕਮਿਸ਼ਨ ਲਾਗੂ ਕਰਨ ਸਮੇਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਹੈ। ੳੇੁਨ੍ਹਾਂ ਮੰਗ ਕੀਤੀ ਕਿ ਸਾਰੇ ਪੈਨਸ਼ਨਰਾਂ ਨੂੰ 2.59 ਦੇ ਫਾਰਮੂਲੇ ਤਹਿਤ ਪੈਨਸ਼ਨ ਬਣਾਈ ਜਾਵੇ।
ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕਿਹਾ ਕਿ ਪਾਵਰਕੌਮ ਵਿੱਚ ਪਿਛਲੇ 15 ਸਾਲਾਂ ਤੋਂ ਕੱਚੇ ਮੁਲਾਜ਼ਮ ਨਿਗੂਣੀਆਂ ਤਣਖਾਹਾਂ ’ਤੇ ਕੰਮ ਕਰ ਰਹੇ ਹਨ ਤੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ 16 ਨਵੰਬਰ ਨੂੰ ਅਤੇ ਮੁਹਾਲੀ ਵਿਖੇ 29 ਨਵੰਬਰ ਨੂੰ ਕੀਤੀਆ ਜਾ ਰਹੀਆਂ ਕਨਵੈਨਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।