ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 21 ਜੁਲਾਈ
ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ‘ਤੇ ਡਵੀਜ਼ਨ ਦਫ਼ਤਰ ਪਾਵਰਕੌਮ ਫਰੀਦਕੋਟ ਵਿਖੇ ਬਲਵਿੰਦਰ ਸ਼ਰਮਾ ਦੀ ਅਗਵਾਈ ਹੇਠ ਸਰਕਾਰ ਤੇ ਕਾਰਪੋਰੇਸ਼ਨ ਮੈਨੇਜਮੈਂਟ ਖਿਲਾਫ਼ ‘ਘੜਾ ਭੰਨ’ ਰੋਸ ਵਿਖਾਵਾ ਕੀਤਾ ਗਿਆ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਪਰਮਜੀਤ ਸਿੰਘ, ਰਣਜੀਤ ਸਿੰਘ, ਅਸ਼ੋਕ ਕੁਮਾਰ, ਬੂਟਾ ਸਿੰਘ, ਵਿਜੇ ਕੁਮਾਰ, ਸਰਬਜੀਤ ਸਿੰਘ ਭਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲ ਸਰੋਤ ਵਿਭਾਗ ਦੀਆਂ 8657 ਪੋਸਟਾਂ ਖਤਮ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਨੇ ਬਿਆਨ ਵੀ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਭਰਨ ਦੀ ਥਾਂ ਇਨ੍ਹਾਂ ਅਸਾਮੀਆਂ ਦਾ ਭੋਗ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂ ਸਰਬਜੀਤ ਸਿੰਘ ਭਾਣਾ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ 10 ਤੋਂ 15 ਸਾਲਾਂ ਤੋਂ ਠੇਕੇ ‘ਤੇ ਕੰਮ ਕਰ ਰਹੇ ਮੁਲਾਜ਼ਮ ਅਜੇ ਤੱਕ ਰੈਗੂਲਰ ਨਹੀਂ ਕੀਤੇ ਗਏ। ਉਹਨਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ, ਨਵੀਂ ਭਰਤੀ ਉੱਪਰ ਕੇਂਦਰੀ ਪੈਟਰਨ ‘ਤੇ ਨਵੇਂ ਸਕੇਲ ਲਾਗੂ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ, ਬਿਜਲੀ ਐਕਟ 2020 ਰੱਦ ਕੀਤਾ ਜਾਵੇ। ਮੁਲਾਜ਼ਮਾਂ ਨੇ ਕਿਹਾ ਜੇਕਰ ਮੁਲਾਜ਼ਮ ਮਾਰੂ ਨੀਤੀਆਂ ਛੱਡ ਕੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।