ਗੁਰਪ੍ਰੀਤ ਦੌਧਰ
ਅਜੀਤਵਾਲ, 11 ਜੂਨ
ਲਾਲਾ ਲਾਜਪਤ ਰਾਏ ਸਰਕਾਰੀ ਕਾਲਜ ਢੁੱਡੀਕੇ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਕਾਲਜਾਂ ਦੀਆਂ ਵੱਖ ਵੱਖ ਗਤੀਵਿਧੀਆਂ ਵਿਚ ਪੁਜ਼ੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਵਿਦਿਆਰਥੀ ਜੀਵਨ ਦੇ ਤਜਰਬਿਆਂ ਨੂੰ ਸਾਂਝਾ ਕਰਦਿਆਂ ਦੱਸਿਆ ਕਿ ਉਹ ਆਪ ਇਸ ਕਾਲਜ ਦੇ ਵਿਦਿਆਰਥੀ ਰਹੇ ਹਨ ਅਤੇ ਬੜੀਆਂ ਮੁਸੀਬਤਾਂ ਦਾ ਸਾਹਮਣਾ ਕਰਦੇ ਹੋਏ ਆਪਣੀ ਪੜ੍ਹਾਈ ਪੂਰੀ ਕੀਤੀ ਹੈ। ਜ਼ਿੰਦਗੀ ਵਿੱਚ ਕਰੜੀ ਮੁਸ਼ੱਕਤ ਸਦਕਾ ਹੀ ਦੋ ਵਾਰ ਹਲਕਾ ਵਿਧਾਇਕ ਚੁਣੇ ਗਏ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬੀਏ ਭਾਗ ਤੀਜਾ ਵਿਚੋਂ ਪੁਜ਼ੀਸ਼ਨ ਹਾਸਲ ਕਰਨ ਵਾਲੀ ਕਾਲਜ ਵਿਦਿਆਰਥੀ ਗਗਨਦੀਪ ਕੌਰ, ਅੰਮ੍ਰਿਤਪਾਲ ਸਿੰਘ, ਸਤਿੰਦਰਪਾਲ ਸਿੰਘ, ਬੀਏ ਭਾਗ ਦੂਜਾ ਦੇ ਵਿਦਿਆਰਥੀ ਆਕਾਸ਼ਦੀਪ ਕੌਰ, ਮਨਪ੍ਰੀਤ ਸਿੰਘ ਅਤੇ ਬੀਏ ਭਾਗ ਪਹਿਲਾ ਦੇ ਵਿਦਿਆਰਥੀ ਬਲਵਿੰਦਰ ਸਿੰਘ, ਬਿਕਰਮਜੀਤ ਸਿੰਘ ਅਤੇ ਅਨੂਪ੍ਰੀਤ ਸਿੰਘ ਤੋਂ ਇਲਾਵਾ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ‘ਏਕ ਭਾਰਤ ਸ੍ਰੇਸ਼ਟ ਭਾਰਤ’ ਟੀਮ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਗੁਰਜਿੰਦਰ ਕੌਰ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ। ਇਸ ਮੌਕੇ ਜਸਦੀਪ ਸਿੰਘ ਗੈਰੀ, ਜਗਤਾਰ ਸਿੰਘ ਧਾਲੀਵਾਲ ਸਾਬਕਾ ਸਰਪੰਚ, ਐੱਸਐੱਚਓ ਅਜੀਤਵਾਲ ਬੇਅੰਤ ਸਿੰਘ ਭੱਟੀ, ਕਿਰਨਜੀਤ ਕੌਰ, ਲੈਕਚਰਾਰ ਮਨਦੀਪ ਕੌਰ, ਮਨਪ੍ਰੀਤ ਕੌਰ, ਅਰਸ਼ਪ੍ਰੀਤ ਕੌਰ, ਗੁਰਪ੍ਰੀਤ ਕੌਰ, ਸੁਖਵਿੰਦਰ ਕੌਰ, ਸੁਮਨ ਬਾਲਾ, ਮੇਜਰ ਸਿੰਘ, ਸੁਮੀਤ ਸਿੰਘ, ਜਸਪਾਲ ਸਿੰਘ, ਰਵਿੰਦਰ ਸਿੰਘ, ਕਮਲਜੀਤ ਕੌਰ ਆਦਿ ਹਾਜ਼ਰ ਸਨ।