ਪੱਤਰ ਪ੍ਰੇਰਕ
ਮਾਨਸਾ, 30 ਜਨਵਰੀ
ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਜੇ ਅਰੋੜਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਅਜੇ ਅਰੋੜਾ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦ ਫਿਜ਼ਾ ਦਾ ਨਿੱਘ ਮਾਣ ਰਹੇ ਹਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ, ਸੁਪਰਡੈਂਟ ਜਗਸੀਰ ਸਿੰਘ, ਇੰਚਾਰਜ ਐੱਮਏ ਬਰਾਂਚ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ।
ਬਠਿੰਡਾ (ਪੱਤਰ ਪ੍ਰੇਰਕ): ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੱਜ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਮਿਨੀ ਸਕੱਤਰੇਤ ਦੇ ਗਰਾਊਂਡ ਵਿੱਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ, ਉਪ ਮੰਡਲ ਮੈਜਿਸਟਰੇਟ ਕੰਵਰਜੀਤ ਸਿੰਘ ਆਦਿ ਸਣੇ ਸਮੂਹ ਮੁਲਾਜ਼ਮਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਆਪਣੀ ਅਕੀਦਤ ਭੇਟ ਕੀਤੀ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਬਲਿਦਾਨ ਦਿਵਸ ਮੌਕੇ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਰਮਚਾਰੀਆਂ ਵੱਲੋਂ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ ਅਤੇ ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ।