ਜਸਵੰਤ ਜੱਸ
ਫ਼ਰੀਦਕੋਟ, 4 ਜੂਨ
ਇਥੇ ਆਮ ਆਦਮੀ ਪਾਰਟੀ ਨੇ ਜ਼ਿਲ੍ਹੇ ਵਿੱਚ ਨੀਲੇ ਕਾਰਡਾਂ ਨੂੰ ਕਥਿਤ ਤੌਰ ’ਤੇ ਸਿਆਸੀ ਆਧਾਰ ਬਣਾ ਕੇ ਕੱਟਣ ਅਤੇ ਲੋੜਵੰਦਾਂ ਦੇ ਨੀਲੇ ਕਾਰਡ ਨਾ ਬਣਾਉਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਸਾਹਮਣੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਜਨਤਕ ਵੰਡ ਪ੍ਰਣਾਲੀ ਰਾਹੀਂ ਮਿਲਣ ਵਾਲਾ ਰਾਸ਼ਨ ਪਾਰਦਰਸ਼ੀ ਤਰੀਕੇ ਨਾਲ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਸਿਆਸੀ ਪ੍ਰਭਾਵ ਹੇਠ ਆ ਕੇ ਗਲਤ ਤਰੀਕੇ ਨਾਲ ਨੀਲੇ ਕਾਰਡ ਕੱਟ ਰਿਹਾ ਹੈ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਸੀ ਇਸ ਦੇ ਬਾਵਜੂਦ ਵੀ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡ ਜਾਰੀ ਨਹੀਂ ਕੀਤੇ ਜਾ ਰਹੇ। ਮਾਲਵਾ ਜ਼ੋਨ ਦੇ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਪਿੰਡਾਂ ਵਿੱਚ ਪੱਖਪਾਤ ਹੋ ਰਿਹਾ ਹੈ ਅਤੇ ਉਨ੍ਹਾਂ ਦੀ ਪਾਰਟੀ ਦੇ ਗਰੀਬ ਮੈਂਬਰਾਂ ਦੇ ਨੀਲੇ ਕਾਰਡ ਰੰਜਿਸ਼ ਤਹਿਤ ਕੱਟੇ ਗਏ ਹਨ। ‘ਆਪ’ ਦੇ ਆਗੂਆਂ ਨੇ ਕਿਹਾ ਕਿ ਜੇਕਰ ਲੋੜਵੰਦਾਂ ਨੂੰ ਤੁਰੰਤ ਨੀਲੇ ਕਾਰਡ ਜਾਰੀ ਨਾ ਕੀਤੇ ਗਏ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਸੂਬਾ ਪੱਧਰੀ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਜਸਪਾਲ ਸਿੰਘ, ਧਰਮਜੀਤ ਸਿੰਘ, ਕੌਰ ਸਿੰਘ ਸੰਧੂ, ਅਮਨਦੀਪ ਸਿੰਘ ਬਾਬਾ ਆਦਿ ਨੇ ਵੀ ਸੰਬੋਧਨ ਕੀਤਾ।