ਪੱਤਰ ਪ੍ਰੇਰਕ
ਮਾਨਸਾ, 17 ਮਾਰਚ
ਪ੍ਰਾਈਵੇਟ ਕਾਲਜਾਂ ਵੱਲੋਂ ਦਲਿਤ ਵਿਦਿਆਰਥੀਆਂ ਤੋਂ ਜ਼ਬਰਦਸਤੀ ਵਜ਼ੀਫ਼ਾ ਰਾਸ਼ੀ ਵਸੂਲਣ ਖ਼ਿਲਾਫ਼ ਵਿਦਿਆਰਥੀਆਂ ਨੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ। ਇਸ ਤੋਂ ਪਹਿਲਾਂ ਵਿਦਿਆਰਥੀਆਂ ਨੇ ਬੱਸ ਸਟੈਂਡ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਮਾਰਚ ਕੀਤਾ। ਪੁਲੀਸ ਨੇ ਜ਼ਿਲ੍ਹਾ ਕਚਹਿਰੀ ਦੇ ਬਾਹਰ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਤੇ ਉਨ੍ਹਾਂ ਨੇ ਉੱਥੇ ਹੀ ਧਰਨਾ ਲਾ ਦਿੱਤਾ। ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ 2020 ਰਾਹੀਂ ਦੇਸ਼ ਦੇ ਵਿੱਦਿਅਕ ਅਦਾਰਿਆਂ ਨੂੰ ਵੇਚਣ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਵਿਦਿਆਰਥੀਆਂ ਦੇ ਪਿਛਲੇ ਸਾਲਾਂ ਦੇ ਰੁਕੇ ਹੋਏ ਵਜ਼ੀਫ਼ਿਆਂ ਬਾਰੇ ਕੇਂਦਰ ਤੇ ਪੰਜਾਬ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ। ਜਥੇਬੰਦੀ ਦੇ ਸੂਬਾਈ ਸਕੱਤਰ ਸੁਖਜੀਤ ਰਾਮਾਨੰਦੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਮਾਨਸਾ ਦੇ ਨਾਂ ’ਤੇ ਮੰਗ ਪੱਤਰ ਸੌਂਪਦਿਆਂ ਵਿਦਿਆਰਥੀਆਂ ਨੂੰ ਪ੍ਰਾਈਵੇਟ ਕਾਲਜਾਂ ਵੱਲੋਂ ਤੰਗ ਕਰਨਾ ਬੰਦ ਕਰਨ ਦੀ ਮੰਗ ਕੀਤੀ। ਧਰਨੇ ਵਿੱਚ ਨਾਇਬ ਤਹਿਸੀਲਦਾਰ ਮਾਨਸਾ ਨੇ ਸ਼ਾਮਿਲ ਹੋ ਕੇ ਮੰਗ ਪੱਤਰ ਲਿਆ ਅਤੇ 2 ਦਿਨਾਂ ਵਿੱਚ ਪ੍ਰਾਈਵੇਟ ਕਾਲਜਾਂ ਦੇ ਪ੍ਰਸ਼ਾਸਨ ਨਾਲ ਮੀਟਿੰਗ ਕਰਵਾ ਕੇ ਮਸਲਾ ਹੱਲ ਕਰਨ ਦਾ ਭਰੋਸਾ ਦਿਵਾਇਆ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਵਿਦਿਆਰਥੀਆ ਦੀ ਹਮਾਇਤ ਦਾ ਐਲਾਨ ਕੀਤਾ। ਇਸ ਮੌਕੇ ਗੁਰਵਿੰਦਰ ਨੰਦਗੜ੍ਹ, ਰੀਤੂ ਕੌਰ ਹਾਜ਼ਰ ਸਨ।