ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 4 ਅਗਸਤ
ਐੱਸ.ਸੀ.ਵਰਗ ਤੇ ਹੋਰ ਪਛੜੀਆਂ ਸ਼੍ਰੇਣੀਆਂ ਨੂੰ ਵੱਖ ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਸਹੂਲਤਾਂ ਬੰਦ ਕੀਤੇ ਜਾਣ ਅਤੇ ਉਨ੍ਹਾਂ ਵਿਚ ਕਟੌਤੀ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਗਿੱਦੜਬਾਹਾ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਤੋਂ ਇਲਾਵਾ ਹਲਕੇ ਦੇ ਪਿੰਡਾਂ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਧਰਨੇ ਦਿੱਤੇ ਗਏ। ਇਸ ਦੀ ਅਗਵਾਈ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕੀਤੀ। ਗਿੱਦੜਬਾਹਾ ਵਿੱਚ ਧਰਨਿਆਂ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੀਲੇ ਕਾਰਡ, ਪੈਨਸ਼ਨਾਂ, ਸ਼ਗਨ ਸਕੀਮ, ਐੱਸ.ਸੀ ਅਤੇ ਬੀ.ਸੀ. ਵਰਗ ਦੇ ਵਿਦਿਆਰਥੀਆਂ ਨੂੰ ਵਜੀਫੇ ਨਾ ਦੇਣੇ ਸਰਕਾਰ ਦੀ ਵੱਡੀ ਨਾਕਾਮੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਦੇ ਬਿੱਲਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ, ਆਟਾ-ਦਾਲ ਸਕੀਮ ਦੇ ਵੱਡੀ ਪੱਧਰ ’ਤੇ ਕੱਟੇ ਗਏ ਕਾਰਡਾਂ ਨੂੰ ਮੁੜ ਬਹਾਲ ਕੀਤਾ ਜਾਵੇ ਅਤੇ ਲੋਕਾਂ ਨੂੰ ਪਹਿਲਾਂ ਤੋਂ ਮਿਲਦੀਆਂ ਸਹੂਲਤਾਂ ਨੂੰ ਬਹਾਲ ਰੱਖਿਆ ਜਾਵੇ।