ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 24 ਜੂਨ
ਕਾਰਜਕਾਰੀ ਇੰਜੀਨੀਅਰ ਪੰਜਾਬ ਮੰਡੀ ਬੋਰਡ ਬਠਿੰਡਾ ਵੱਲੋਂ ਦੋ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਕਥਿਤ ਨੌਕਰੀ ਤੋਂ ਫਾਰਗ ਕੀਤੇ ਜਾਣ ਖ਼ਿਲਾਫ਼ ਮੰਡੀ ਬੋਰਡ ਦੇ ਕਰਮਚਾਰੀਆਂ ਵੱਲੋਂ ਅੱਜ ਇੱਥੇ ਬੋਰਡ ਦੇ ਕਾਰਜਕਾਰੀ ਇੰਜਨੀਅਰ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੇ ਸੂਬਾਈ ਆਗੂ ਪ੍ਰੇਮ ਚਾਵਲਾ ਨੇ ਇਸ ਮਾਮਲੇ ’ਚ ਪਿਛਲੇ ਦਿਨੀਂ ਕਾਰਜਕਾਰੀ ਇੰਜਨੀਅਰ ਨੂੰ ਮਿਲਣ ਗਏ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਸਹੋਤਾ ਨਾਲ ਮਾੜਾ ਵਿਹਾਰ ਕਰਨ ਦਾ ਇਲਜ਼ਾਮ ਲਾਉਂਦਿਆਂ ਮੰਗ ਕੀਤੀ ਕਿ ਦੋਵੇਂ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਬਹਾਲ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨੀਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਜੇ ਮੁਲਾਜ਼ਮਾਂ ਨੂੰ ਬਹਾਲ ਨਾ ਕੀਤਾ ਤਾਂ ਕਿਸਾਨ ਦਫ਼ਤਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ। ਨਾਇਬ ਸਿੰਘ, ਲਛਮਣ ਸਿੰਘ ਮਲੂਕਾ, ਇਕਬਾਲ ਸਿੰਘ ਢੁੱਡੀ, ਗੁਰਤੇਜ ਸਿੰਘ ਗਿੱਲ ਪ੍ਰਧਾਨ, ਐੱਸਐੱਸਐੱਸ ਯਾਦਵ, ਪਰਮਜੀਤ ਸਿੰਘ ਰਾਮਾ ਅਤੇ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਕੱਚੇ ਮੁਲਾਜ਼ਮਾਂ ਨੂੰ ਡੀ ਸੀ ਰੇਟਾਂ ਤੋਂ ਵੀ ਘੱਟ ਤਨਖਾਹ ਦੇਣ, ਈਪੀਐਫ ਈਐੱਸਆਈ ਦੀਆਂ ਸਟੇਟਮੈਂਟਾਂ ਨਾ ਦੇਣ, ਕਿਰਤ ਕਾਨੂੰਨ ਦੀਆਂ ਧੱਜੀਆਂ ਉਡਾਉਣ ਦੇ ਦੋਸ਼ ਲਾਏ। ਉਨ੍ਹਾਂ ਐਲਾਨ ਕੀਤਾ ਕਿ 3 ਜੁਲਾਈ ਨੂੰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੂਰੇ ਪੰਜਾਬ ਵਿੱਚ ਕਾਰਜਕਾਰੀ ਇੰਜੀਨੀਅਰ ਦੇ ਪੁਤਲੇ ਸਾੜੇ ਜਾਣਗੇ ਅਤੇ ਸੂਬਾ ਪੱਧਰੀ ਮੀਟਿੰਗ ਕਰਕੇ ਅਗਲਾ ਐਕਸ਼ਨ ਉਲੀਕਿਆ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਰਾਜੂ ਚੀਮਾ, ਵਿਨੋਦ ਕੁਮਾਰ, ਸੁਨੀਲ ਬਜਾਜ, ਕਿਸ਼ਨ ਸਿੰਘ, ਬਲਾਕ ਪ੍ਰਧਾਨ ਗੁਰਜੀਤ ਸਿੰਘ ਸਹੋਤਾ, ਜੋਤੀ ਪ੍ਰਕਾਸ਼ ਹਾਜ਼ਰ ਸਨ।