ਪੱਤਰ ਪ੍ਰੇਰਕ
ਮਾਨਸਾ, 7 ਸਤੰਬਰ
ਤਿੰਨ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਵੱਲੋਂ ਕੰਮ ਨਾ ਮਿਲਣ ਦੇ ਵਿਰੋਧ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮਾਰਚ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦਾ ਯਤਨ ਕੀਤਾ, ਪਰ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਥੋੜ੍ਹੀ ਹੋਣ ਕਾਰਨ ਕੋਈ ਵਾਹ-ਪੇਸ਼ ਨਹੀਂ ਚੱਲ ਸਕੀ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ। ਇਸ ਪ੍ਰਦਰਸ਼ਨ ਦੀ ਅਗਵਾਈ ਨਰੇਗਾ ਵਰਕਰਜ਼ ਯੂਨੀਅਨ ਵੱਲੋਂ ਕੀਤੀ ਗਈ ਅਤੇ ਇਸ ਵਿੱਚ ਪਿੰਡ ਦਲੇਲ ਸਿੰਘ ਵਾਲਾ, ਗਾਗੋਵਾਲ ਅਤੇ ਜਵਾਹਰਕੇ ਪਿੰਡਾਂ ਦੇ ਮਜ਼ਦੂਰਾਂ ਵੱਲੋਂ ਸਮੂਲੀਅਤ ਕੀਤੀ ਗਈ। ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਜਗਸੀਰ ਸਿੰਘ ਸੀਰਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮਨਰੇਗਾ ਐਕਟ 2005 ਦੀਆਂ ਹਦਾਇਤਾਂ ਅਨੁਸਾਰ ਕੰਮ ਨਾ ਦੇਣ ਦੀ ਸੂਰਤ ਵਿੱਚ ਬੇਰੁਜ਼ਗਾਰੀ ਭੱਤਾ ਦੇਣਾ ਬਣਦਾ ਹੈ, ਜਿਸ ਦੇ ਅਧਾਰ ’ਤੇ ਅੱਜ ਮਜ਼ਦੂਰਾਂ ਨੇ ਨਰੇਗਾ ਵਰਕਰਜ ਯੂਨੀਅਨ ਦੀ ਅਗਵਾਈ ਵਿੱਚ ਬੇਰੁਜ਼ਗਾਰੀ ਭੱਤਾ ਦੇਣ ਦੀ ਮੰਗ ਕੀਤੀ ਗਈ ਅਤੇ ਮਨਰੇਗਾ ਅਧੀਨ ਤੁਰੰਤ ਕੰਮ ਦੇਣ ਦੀ ਮੰਗ ਕੀਤੀ ਗਈ।