ਅੰਮ੍ਰਿਤਪਾਲ ਸਿੰਘ ਧਾਲੀਵਾਲ
ਰੂੜੇਕੇ ਕਲਾਂ, 23 ਸਤੰਬਰ
ਇੱਥੋਂ ਦੇ ਪਿੰਡ ਪੱਖੋ ਕਲਾਂ ਵਿੱਚ ਅੱਜ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਪਿੰਡ ’ਚ ਵਧ ਰਹੀਆਂ ਵਾਰਦਾਤਾਂ ਅਤੇ ਨਸ਼ਿਆਂ ਦੇ ਖ਼ਿਲਾਫ਼ ਰੋਸ ਮਾਰਚ ਕਰਨ ਉਪਰੰਤ ਬਰਨਾਲਾ-ਮਾਨਸਾ ਸੜਕ ’ਤੇ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਜੱਗਾ, ਮਾਸਟਰ ਜਗਮੇਲ ਸਿੰਘ ਅਤੇ ਸਾਬਕਾ ਸਰਪੰਚ ਦਰਸ਼ਨ ਪਾਲ ਸਿੰਘ ਨੇ ਕਿਹਾ ਕਿ ਪਿੰਡ ਵਿਚ ਪਿਛਲੇ ਸਮੇਂ ਤੋਂ ਚੋਰੀ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਬਹੁਤ ਵਧ ਗਈਆਂ ਹਨ ਅਤੇ ਨਸ਼ਾ ਵੀ ਖੁੱਲ੍ਹੇਆਮ ਵਿਕ ਰਿਹਾ ਹੈ। ਸਕੂਲਾਂ ਦੀ ਛੁੱਟੀ ਸਮੇਂ ਗੁੰਡਾਗਰਦੀ ਦਾ ਬੋਲਬਾਲਾ ਹੁੰਦਾ ਹੈ ਜਿਸ ਕਰਕੇ ਲੜਕੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਪਹੁੰਚੇ ਡੀਐੱਸਪੀ (ਡੀ) ਬਰਨਾਲਾ ਰਜਿੰਦਰ ਪਾਲ ਸਿੰਘ ਨੂੰ ਪਿੰਡ ਵਾਸੀਆਂ ਵੱਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ। ਪੁਲੀਸ ਅਧਿਕਾਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਕਿਸੇ ਨੂੰ ਵੀ ਇਲਾਕੇ ਦਾ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦੇਣਗੇ ਅਤੇ ਜਲਦੀ ਹੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਡੀਐੱਸਪੀ ਦੇ ਭਰੋਸੇ ਮਗਰੋਂ ਅਖੀਲ ਲੋਕਾਂ ਨੇ ਧਰਨਾ ਸਮਾਪਤ ਕੀਤਾ। ਇਸ ਮੌਕੇ ਬੀਕੇਯੂ ਆਗੂ ਬਲਜੀਤ ਸਿੰਘ ਬੱਲੀ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।