ਮਾਨਸਾ: ਦਲਿਤ ਦਾਸਤਾ ਵਿਰੋਧੀ ਅੰਦੋਲਨ ਵੱਲੋਂ ਮਜ਼ਦੂਰਾਂ ਦੀਆਂ ਉਜਰਤਾਂ ਨੂੰ ਲੈ ਕੇ ਮਾਨਸਾ ਵਿੱਚ ਰੋਸ ਮਾਰਚ ਕੀਤਾ ਗਿਆ ਅਤੇ ਬਾਅਦ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਲੇਬਰ ਕਮਿਸ਼ਨਰ ਪੰਜਾਬ ਨੂੰ ਸੂਬਾਈ ਜਨਰਲ ਸਕੱਤਰ ਜਗਸੀਰ ਸਿੰਘ ਸੀਰਾ ਦੀ ਹਾਜ਼ਰੀ ਵਿੱਚ ਮੰਗ ਪੱਤਰ ਭੇਜਿਆ ਗਿਆ। ਜਥੇਬੰਦੀ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਤੋਂ ਪਹਿਲਾਂ ਬਾਲ ਭਵਨ ਮਾਨਸਾ ਵਿਖੇ ਵੱਖ-ਵੱਖ ਪਿੰਡਾਂ ਤੋਂ ਆਏ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਅਲੱਗ-ਅਲੱਗ ਕਿੱਤਿਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਵਿੱਚ ਉਜ਼ਰਤਾਂ ਦਾ ਕੀਤਾ ਗਿਆ ਵਾਧਾ ਕਿਰਤੀਆਂ ਨਾਲ ਕੋਝਾ ਮਜ਼ਾਕ ਹੈ, ਕਿਉਂਕਿ ਵਾਧਾ ਕੁੱਝ ਪੈਸਿਆਂ ਵਿੱਚ ਹੀ ਹੋਇਆ ਹੈ।