ਪੱਤਰ ਪ੍ਰੇਰਕ
ਮਾਨਸਾ, 5 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਮਾਨਸਾ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਮੂੰਗੀ, ਮੱਕੀ ਅਤੇ ਬਾਸਮਤੀ ਦੀਆਂ ਫਸਲਾਂ ਨੂੰ ਸਰਕਾਰੀ ਰੇਟ ਤੋਂ ਘੱਟ ਖਰੀਦਣ ਦੇ ਵਿਰੋਧ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਨੇ ਦੋਸ਼ ਲਾਇਆ ਕਿ ਜਦੋਂ ਸਰਕਾਰ ਨੇ ਘੱਟੋ-ਘੱਟ ਸਮਰੱਥਨ ਮੁੱਲ (ਐੱਮਐੱਸਪੀ) ’ਤੇ ਜਿਣਸ ਖਰੀਦਣ ਦਾ ਦਾਅਵਾ ਕੀਤਾ ਹੋਇਆ ਹੈ ਫਿਰ ਅੰਨਦਾਤਾ ਨੂੰ ਪੂਰਾ ਮੁੱਲ ਦੇਣ ਵਿੱਚ ਵਪਾਰੀਆਂ ਵੱਲੋਂ ਕਿਉਂ ਆਨਾ-ਕਾਨੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਜਿਹਾ ਸਰਕਾਰ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ। ਜਥੇਬੰਦੀ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਦੁਸ਼ਮਣ ਬਣੀ ਹੋਈ ਹੈ, ਜੋ ਕਿਸਾਨਾਂ ਦੀਆਂ ਫ਼ਸਲਾਂ ’ਤੇ ਐਮਐਸਪੀ ਦੇਣ ਤੋਂ ਬਿਨਾਂ ਕਿਸਾਨਾਂ ਦੀ ਅੰਨ੍ਹੀ ਲੁੱਟ ਪ੍ਰਾਈਵੇਟ ਘਰਾਣਿਆਂ ਨੂੰ ਕਰਵਾਈ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਘੱਟ ਪਾਣੀ ਲੈਣ ਵਾਲੀਆਂ ਸਾਰੀਆਂ ਫ਼ਸਲਾਂ ’ਤੇ ਐਮਐਸਪੀ ਦਿੱਤੀ ਜਾਵੇ ਅਤੇ ਜੋ ਬੇਮੌਸਮੀ ਬਰਸਾਤ ਦੇ ਨਾਲ ਅਤੇ ਗੜ੍ਹਿਆਂ ਨਾਲ ਕਣਕ ਅਤੇ ਹਾੜੀ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਸਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਦੂਜੇ ਜ਼ਿਲ੍ਹਿਆਂ ਵਿੱਚ ਅਜਿਹਾ ਮੁਆਵਜ਼ਾ ਦਿੱਤਾ ਜਾ ਚੁੱਕਿਆ ਹੈ ਤਾਂ ਮਾਨਸਾ ਜ਼ਿਲ੍ਹੇ ਵਿੱਚ ਕਿਉਂ ਕਿ ਨਹੀਂ ਦਿੱਤਾ ਜਾ ਰਿਹਾ ਹੈ। ਇਸ ਮੌਕੇ ਰਾਜ ਸਿੰਘ ਅਕਲੀਆ, ਰਾਜੂ ਸਿੰਘ ਅਲੀਸ਼ੇਰ, ਹਰਦੇਵ ਸਿੰਘ ਰਾਠੀ ਤੇ ਕੁਲਵਿਦਰ ਸਿੰਘ ਲੱਲੂਆਣਾ ਨੇ ਵੀ ਸੰਬੋਧਨ ਕੀਤਾ।