ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 13 ਜੂਨ
ਪੰਜਾਬੀ ਯੂਨੀਵਰਸਿਟੀ ਦੇ ਕੇਂਦਰੀਕਰਨ ਤਜਵੀਜ਼ ਖ਼ਿਲਾਫ਼ ਅੱਜ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਦੇ ਰੂਰਲ ਸੈਂਟਰ ਕਾਉਣੀ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ ਅਤੇ ਐੱਸਐੱਫਐੱਸ ਦੇ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਨੂੰ ਖੋਹ ਕੇ ਸਾਰੇ ਹੱਕ ਆਪਣੇ ਕੰਟਰੋਲ ਹੇਠ ਕਰਨਾ ਚਾਹੁੰਦੀ ਹੈ। ਇਸੇ ਲੜੀ ਤਹਿਤ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਨਾਲ ਕੀਤੇ ਜਬਰ ਦੀ ਨਿੰਦਾ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕਦੇ ਵੀ ਕੇਂਦਰ ਦੇ ਹਵਾਲੇ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਕਾਲਜ ਕਮੇਟੀ ਦੇ ਸਕੱਤਰ ਦਿਲਕਰਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੋਈ ਟਿੱਪਣੀ ਨਾ ਕਰਨਾ ਇਹ ਦਰਸਾਉਂਦਾ ਹੈ ਕਿ ਉਨ੍ਹਾਂ ਦੀ ਪਾਰਟੀ ਕੇਂਦਰ ਦੇ ਮਨਸੂਬਿਆਂ ਨੂੰ ਪੂਰਾ ਕਰਨ ਲਈ ਜ਼ੋਰ ਲਗਾ ਰਹੀ ਹੈ। ਇਸ ਮੌਕੇ ਵਿਦਿਆਰਥੀ ਨੌਨਿਹਾਲ ਸਿੰਘ, ਗੁਰਪ੍ਰੀਤ ਸਿੰਘ, ਸੁਖਵੀਰ ਕੌਰ, ਰਮਨਦੀਪ ਕੌਰ, ਅਨਮੋਲ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਪੰਜਾਬ ਯੁਨੀਵਰਸਿਟੀ ਦੇ ਕੇਂਦਰੀਕਰਨ ਤਜਵੀਜ਼ ਖ਼ਿਲਾਫ਼ ਚੰਡੀਗੜ੍ਹ ਵਿੱਚ ਵੀ ਰੋਸ ਮੁਜ਼ਾਹਰੇ ਹੋਏ ਹਨ ਅਤੇ ਵਿਦਿਆਰਥੀ ਕੇਂਦਰ ਦੀ ਮੋਦੀ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਯੂਨੀਵਰਸਿਟੀ ਦਾ ਕੇਂਦਰੀਕਰਨ ਨਾ ਕੀਤਾ ਜਾਵੇ। ਵਿਦਿਆਰਥੀਆਂ ਵਿੱਚ ਕੇਂਦਰ ਸਰਕਾਰ ਦੇ ਇਸ ਤਜਵੀਜ਼ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ।
ਵਿਦਿਆਰਥੀਆਂ ਵੱਲੋਂ ਰੋਸ ਮਾਰਚ ਭਲਕੇ
ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਐਲਾਨ ਕੀਤਾ ਕਿ ਮੁਕਤਸਰ ਵਿੱਚ ਵਿਦਿਆਰਥੀ ਆਗੂਆਂ ’ਤੇ ਇੱਥੋਂ ਦੇ ਪੁਲੀਸ ਨੇ ਦੰਗੇ ਭੜਕਾਉਣ ਦੇ ਜੋ ਪਰਚੇ ਦਰਜ ਕੀਤੇ ਹਨ, ਉਨ੍ਹਾਂ ਨੂੰ ਰੱਦ ਕਰਾਉਣ ਲਈ 15 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਰੋਸ ਮਾਰਚ ਕੀਤਾ ਜਾਵੇਗਾ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸ਼ਹਿਰ ਦੇ ਪਤਵੰਤਿਆਂ ਨੂੰ ਇਸ ਮਾਰਚ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।