ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਰਾਜ ਭਰ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ 7ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਮੁਲਾਜ਼ਮਾਂ ਨੇ ਪੰਜਾਬ ਵਿਚ ਵਿਧਾਇਕਾਂ ਦੇ ਘਰ ਅੱਗੇ ਸ਼ਾਂਤਮਈ ਰੋਸ ਧਰਨੇ ਦਿੱਤੇ। ਦੂਜੇ ਪਾਸੇ ਬੱਸਾਂ ਦੇ ਚੱਕਾ ਜਾਮ ਕਾਰਨ ਲੋਕ ਪ੍ਰੇਸ਼ਾਨ ਹਨ ਤੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਫ਼ਰ ਕਰਨ ਲਈ ਹੁਣ ਪ੍ਰਾਈਵੇਟ ਬੱਸਾਂ ਦੇ ਰਹਿਮੋ-ਕਰਮ ’ਤੇ ਛੱਡਿਆ ਹੋਇਆ ਹੈ। ਅੱਜ ਮੀਂਹ ਦੇ ਬਾਵਜੂਦ ਸਵਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੀਆਰਟੀਸੀ ਦੀਆਂ ਬੱਸਾਂ ਦੇ ਲੰਬੇ ਰੂਟਾਂ ਸਮੇਤ ਮਾਨਸਾ-ਸਿਰਸਾ, ਬਰਨਾਲਾ, ਪਟਿਆਲਾ, ਚੰਡੀਗੜ੍ਹ, ਲੁਧਿਆਣਾ ਉਤੇ ਟਾਈਮ ਮਿਸ ਹੋਣ ਕਾਰਨ ਲੋਕਾਂ ਨੂੰ ਇੱਥੋਂ ਦੇ ਬੱਸ ਸਟੈਂਡ ਵਿੱਚ ਸਭ ਤੋਂ ਵੱਧ ਤਕਲੀਫ਼ਾਂ ਨੂੰ ਝੱਲਣਾ ਪੈ ਰਿਹਾ ਹੈ। ਇਥੇ ਸਥਿਤ ਅਧਿਕਾਰੀਆਂ ਨੂੰ ਵੀ ਬੱਸਾਂ ਦੇ ਆਉਣ-ਜਾਣ ਦਾ ਕੋਈ ਪੱਕਾ ਸਮਾਂ ਪਤਾ ਨਹੀਂ ਹੁੰਦਾ ਹੈ ਅਤੇ ਉਨ੍ਹਾਂ ਦੀਆਂ ਚਹੇਤੀਆਂ ਪ੍ਰਾਈਵੇਟ ਕੰਪਨੀਆਂ ਨੂੰ ਮੌਜਾਂ ਲੱਗੀਆਂ ਹੋਈਆਂ ਹਨ।
ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਨੇ ਇਸ ਪੱਤਰਕਾਰ ਨੂੰ ਫੋਨ ’ਤੇ ਦੱਸਿਆ ਕਿ ਬਠਿੰਡਾ ਡਿਪੂ ਵੱਲੋਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਅੱਗੇ, ਬੁਢਲਾਡਾ ਡਿੱਪੂ ਵੱਲੋਂ ਸੰਗਰੂਰ ਡਿੱਪੂ ਨਾਲ ਮਿਲ ਕੇ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੇ ਘਰ ਅੱਗੇ, ਬਰਨਾਲਾ ਡਿਪੂ ਵੱਲੋਂ ਕੇਵਲ ਸਿੰਘ ਢਿੱਲੋਂ ਦੇ ਘਰ ਅੱਗੇ ਧਰਨਾ ਲਾਉਂਦਿਆਂ ਮੰਗ ਪੱਤਰ ਦਿੱਤਾ ਗਿਆ।