ਸ਼ਗਨ ਕਟਾਰੀਆ
ਬਠਿੰਡਾ, 1 ਅਕਤੂਬਰ
ਕਿਸਾਨੀ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਗੇ ਧਰਨਾ ਦੇ ਕੇ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਸ ਤੋਂ ਬਾਅਦ ਮਿੰਨੀ ਸਕੱਤਰੇਤ ਤੋਂ ਹਨੂੰਮਾਨ ਚੌਕ ਤੱਕ ਰੋਸ ਮੁਜ਼ਾਹਰਾ ਕੀਤਾ ਗਿਆ। ਅਹਿਮ ਐਲਾਨ ਇਹ ਕੀਤਾ ਗਿਆ ਕਿ ਨਰਮੇ ਦੇ ਮੁਆਵਜ਼ੇ ਬਾਰੇ ਜਲਦੀ ਫੈਸਲਾ ਨਾ ਕੀਤਾ ਗਿਆ ਤਾਂ ਯੂਨੀਅਨ 5 ਅਕਤੂਬਰ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ’ਚ ਸਥਿਤ ਰਿਹਾਇਸ਼ਗਾਹ ਅੱਗੇ ਬੇਮਿਆਦੀ ਧਰਨਾ ਸ਼ੁਰੂ ਕਰੇਗੀ।
ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਦਾ 100 ਪ੍ਰਤੀਸ਼ਤ ਨੁਕਸਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਮੀਂਹ ਕਾਰਨ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ। ਕਰਜ਼ੇ ਅਤੇ ਆਰਥਿਕ ਤੰਗੀਆਂ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਫ਼ਸਲਾਂ ਦੀ ਬਰਬਾਦੀ ਕਾਰਨ ਇਹ ਵਰਤਾਰਾ ਹੋਰ ਤੇੇਜ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨਾਂ ਮਜ਼ਦੂਰਾਂ ਨੂੰ ਖ਼ਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 60 ਹਜ਼ਾਰ ਅਤੇ ਮਜ਼ਦੂਰਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਦਿੱਤਾ ਜਾਵੇ। ਉਨ੍ਹਾਂ ਨਕਲੀ ਕੀਟਨਾਸ਼ਕ ਦਵਾਈਆਂ ਅਤੇ ਨਕਲੀ ਬੀਜ ਵੇਚਣ ਤੇ ਬਣਾਉਣ ਵਾਲੀਆਂ ਕੰਪਨੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਤੋਂ ਇਲਾਵਾ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਲਈ ਵੀ ਆਵਾਜ਼ ਚੁੱਕੀ। ਇਸ ਮੌਕੇ ਦੌਰਾਨ ਦਰਸ਼ਨ ਸਿੰਘ ਮਾਈਸਰਖਾਨਾ, ਸੁਖਦੇਵ ਸਿੰਘ ਰਾਮਪੁਰਾ, ਬਲਜੀਤ ਸਿੰਘ ਪੂਹਲਾ, ਅਮਰੀਕ ਸਿੰਘ ਸਿਵੀਆਂ, ਜਸਪਾਲ ਸਿੰਘ ਕੋਠਾਗੁਰੂ, ਕੁਲਵੰਤ ਸ਼ਰਮਾ ਰਾਏਕੇ ਕਲਾਂ, ਅਜੈ ਪਾਲ ਘੁੱਦਾ, ਰਾਜਵਿੰਦਰ ਸਿੰਘ ਰਾਮਨਗਰ, ਗੁਰਮੇਲ ਸਿੰਘ ਰਾਮਗੜ੍ਹ ਭੂੰਦੜ, ਜੋਧਾ ਸਿੰਘ ਮਾਹੀਨੰਗਲ, ਦੀਨਾ ਸਿਵੀਆਂ, ਸੁਖਜੀਤ ਕੌਰ ਚੱਕ ਅਤੇ ਗੁਰਚੇਤ ਕੌਰ ਕੋਠਾ ਗੁਰੂ ਨੇ ਵੀ ਸੰਬੋਧਨ ਕੀਤਾ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਮੁਕਤਸਰ ਦੇ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਮੁਜ਼ਾਹਰਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਸੁਖਰਾਜ ਸਿੰਘ ਰਹੂੜਿਆਂ ਵਾਲੀ, ਰਾਜਾ ਸਿੰਘ ਮਹਾਂਬੱਧਰ ਹੋਰਾਂ ਨੇ ਕਿਹਾ ਕਿ ਪਹਿਲਾਂ ਬੇਮੌਸਮੀ ਬਾਰਸ਼ ਤੇ ਹੁਣ ਗੁਲਾਬੀ ਸੁੰਢੀ ਅਤੇ ਝੁਲਸ ਰੋਗ ਕਰਕੇ ਨਰਮੇ ਦੀ ਫਸਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਪਰ ਖੇਤੀਬਾੜੀ ਵਿਭਾਗ ਵੱਲੋਂ ਅਜੇ ਪਿੰਡਾਂ ਦਾ ਸਰਵੇ ਹੀ ਨਹੀਂ ਕਰਵਾਇਆ ਗਿਆ ਅਤੇ ਨਾ ਹੀ ਬਿਮਾਰੀ ਗ੍ਰਸਤ ਨਰਮੇ ਦੇ ਬਚਾਅ ਲਈ ਕੋਈ ਦਵਾਈ ਵੰਡੀ ਜਾ ਰਹੀ ਹੈ। ਦੂਜੇ ਪਾਸੇ ਮਾਰੀ ਗਈ ਫਸਲ ਦੇ ਮੁਆਵਜ਼ੇ ਲਈ ਸਰਕਾਰ ਨੇ ਅਜੇ ਤੱਕ ਗਿਰਦਾਵਰੀ ਸ਼ੁਰੂ ਨਹੀਂ ਕਰਵਾਈ। ਉਨ੍ਹਾਂ ਮੰਗ ਕੀਤੀ ਕਿ ਬਿਮਾਰੀਆਂ ਦੀ ਰੋਕਥਾਮ ਲਈ ਫੌਰੀ ਕਾਰਵਾਈ ਕੀਤੀ ਜਾਵੇ ਅਤੇ ਮੁਆਵਜ਼ੇ ਦੀ ਕਾਰਵਾਈ ਤੇਜ਼ ਕੀਤੀ ਜਾਵੇ ਨਹੀਂ ਤਾਂ ਉਹ ਕਰੜਾ ਸੰਘਰਸ਼ ਵਿੱਢਣਗੇ।
ਕੈਪਸ਼ਨ: ਬਠਿੰਡਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ। -ਫੋਟੋ: ਪਵਨ ਸ਼ਰਮਾ