ਕੁਲਦੀਪ ਸਿੰਘ ਬਰਾੜ
ਮੰਡੀ ਘੁਬਾਇਆ, 6 ਮਈ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ਤਹਿਤ ਪੰਚਾਇਤੀ ਅਤੇ ਹੋਰ ਸਰਕਾਰੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਜਾ ਰਿਹਾ ਹੈ। ਇਸ ਤਹਿਤ ਅੱਜ ਪਿੰਡ ਚੱਕ ਬਜੀਦਾ ਦੀ ਪੰਚਾਇਤ ਦੀ 19 ਏਕੜ ਸ਼ਾਮਲਾਤ ਜ਼ਮੀਨ ਛੁਡਵਾਈ ਗਈ, ਜਿਸ ਉਪਰ ਵੱਖ-ਵੱਖ ਵਿਅਕਤੀਆਂ ਵੱਲੋਂ ਕਈ ਸਾਲਾਂ ਤੋਂ ਕਬਜ਼ਾ ਕੀਤਾ ਹੋਇਆ ਸੀ। ਜ਼ਮੀਨ ਤੋਂ ਕਬਜ਼ੇ ਨੂੰ ਛੁਡਾਉਣ ਲਈ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਪੰਜਾਬ ਪੁਲੀਸ ਨੂੰ ਨਾਲ ਲੈ ਕੇ ਪਿੰਡ ਵਿੱਚ ਪੁੱਜੇ ਹੋਏ ਸਨ, ਜਿਨ੍ਹਾਂ ਨੇ ਉਕਤ ਜ਼ਮੀਨ ਤੋਂ ਕਬਜ਼ਾ ਛੁਡਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਕਟਰੀ ਭੁਪਿੰਦਰ ਸਿੰਘ ਤੇ ਬੀਡੀਓ ਪਿਆਰ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਉੱਪਰ ਲੋਕਾਂ ਦੇ ਨਾਜਾਇਜ਼ ਕਬਜ਼ੇ ਹਨ। ਉਨ੍ਹਾਂ ਨੂੰ ਵੀ ਜਲਦੀ ਛੁਡਾ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕਾਂ ਨੇ ਸਰਕਾਰੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਉਹ ਖ਼ੁਦ ਹੀ ਕਬਜ਼ੇ ਛੱਡ ਦੇਣ ਨਹੀਂ ਤਾਂ ਵਿਭਾਗ ਵੱਲੋਂ ਛੁਡਵਾਏ ਜਾਣਗੇ। ਜ਼ਿਕਰਯੋਗ ਹੈ ਕਿ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਹ ਕਹਿ ਚੁੱਕੇ ਹਨ ਕਿ ਜਿਨ੍ਹਾਂ ਲੋਕਾਂ ਵੱਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ’ਤੇ ਗਲਤ ਢੰਗ ਨਾਲ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਉਨ੍ਹਾਂ ਨੂੰ ਹਰ ਸਾਲ ਛੁਡਵਾਇਆ ਜਾਵੇਗਾ।