ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 27 ਜਨਵਰੀ
ਭਾਰਤ ਦੇ 72ਵੇਂ ਗਣਤੰਤਰ ਦਿਵਸ ਮੌਕੇ ਇੱਥੋਂ ਦੇ ਨਹਿਰੂ ਸਟੇਡੀਅਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਵਿੱਚ ਫ਼ਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਰਵਿੰਦਰ ਕੁਮਾਰ ਕੌਸ਼ਿਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਤਿਰੰਗਾ ਲਹਿਰਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਅਤੇ ਐੱਸ.ਐੱਸ.ਪੀ. ਵਰੁਣ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਹਾਲਾਂਕਿ ਸਿਆਸੀ ਪਾਰਟੀਆਂ ਦੇ ਆਗੂ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ। ਅਦਰਸ਼ ਚੋਣ ਜ਼ਾਬਤੇ ਕਾਰਨ ਕੋਈ ਵੀ ਸਿਆਸੀ ਆਗੂ ਗਣਤੰਤਰ ਸਮਾਗਮ ਵਿੱਚ ਨਹੀਂ ਦਿੱਸਿਆ ਅਤੇ ਕਰੋਨਾ ਕਰਕੇ ਸਕੂਲੀ ਬੱਚਿਆਂ ਦੇ ਸਾਰੇ ਸਮਾਗਮ ਵੀ ਰੱਦ ਕਰ ਦਿੱਤੇ ਗਏ ਸਨ। ਇਸ ਸਮਾਗਮ ਦੌਰਾਨ ਕਮਿਸ਼ਨਰ ਨੇ ਸਮੂਹ ਇਲਾਕਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਤੇ ਧਾਰਮਿਕ ਅਤੇ ਦਾਰਸ਼ਨਿਕ ਸ਼ਖ਼ਸੀਅਤਾਂ ਸਮੇਤ ਰੱਖਿਆ ਸੇਵਾਵਾਂ, ਅਰਧ ਸੁਰੱਖਿਆ ਬਲ, ਪੰਜਾਬ ਪੁਲੀਸ ਦੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੰਜਾਬ ਪੁਲੀਸ, ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਦੀਆਂ ਟੁਕੜੀਆਂ, ਐੱਮਜੀਐੱਮ ਸੀਨੀਅਰ ਸੈਕੰਡਰੀ ਸਕੂਲ ਅਤੇ ਬਾਬਾ ਫਰੀਦ ਸਕੂਲ ਦੇ ਬੈਂਡ ਨੇ ਮਾਰਚ ਪਾਸਟ ਕੀਤਾ। ਮੁੱਖ ਮਹਿਮਾਨ ਨੇ ਪਰੇਡ ਦੌਰਾਨ ਸਲਾਮੀ ਲਈ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਨਗਰ ਕੌਂਸਲ ਦੇ ਦਫ਼ਤਰ ਵਿੱਚ ਪ੍ਰਧਾਨ ਜੌਨੀ ਬਾਂਸਲ ਨੇ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਇਆ। ਵਿਦਿਆਰਥੀਆਂ ਨੇ ਕੌਮੀ ਗੀਤ ਪੇਸ਼ ਕੀਤਾ ਅਤੇ ਪੁਲੀਸ ਦੇ ਜਵਾਨਾਂ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿੱਚ ਪ੍ਰਿੰਸੀਪਲ ਜਸਵੀਰ ਸਿੰਘ ਅਤੇ ਸੰਤ ਕਬੀਰ ਕਾਨਵੈਂਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਸਕੂਲ ਦੇ ਐੱਮਡੀ ਪ੍ਰੋਫੈਸਰ ਐੱਮਐੱਲ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ।
ਸ਼ਹਿਣਾ (ਪੱਤਰ ਪ੍ਰੇਰਕ): ਕਸਬੇ ਦੇ ਮੇਨ ਬਾਜ਼ਾਰ ’ਚ ਸ਼ਹੀਦ ਭਗਤ ਚੌਕ ’ਚ ਤਿਰੰਗਾ ਲਹਿਰਾ ਕੇ ਗਣਤੰਤਰ ਦਿਵਸ ਮਨਾਇਆ ਗਿਆ। ਕਸਬੇ ਸ਼ਹਿਣਾ ਦੇ ਪੰਜਾਬ ਮਾਡਲ ਸੀਨੀਅਰ ਸੈਕੰਡਰੀ ਸਕੂਲ, ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਵਿੱਚ ਵੀ ਗਣਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ।
ਜ਼ੀਰਾ (ਪੱਤਰ ਪ੍ਰੇਰਕ): ਜ਼ੀਰਾ ਦੇ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ।
ਸਰਦੂਲਗੜ੍ਹ (ਪੱਤਰ ਪ੍ਰੇਰਕ): ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਸਰਦੂਲਗੜ੍ਹ ਵਿੱਚ ਤਹਿਸੀਲ ਪੱਧਰ ਦਾ 73ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਤਿਰੰਗਾ ਲਹਿਰਾਉਣ ਦੀ ਰਸਮ ਉਪ ਮੰਡਲ ਮਜਿਸਟਰੇਟ ਮਨੀਸ਼ਾ ਰਾਣਾ ਆਈਏਐੱਸ ਅਫ਼ਸਰ ਸਰਦੂਲਗੜ੍ਹ ਵਲੋਂ ਨਿਭਾਈ ਗਈ।
ਬਠਿੰਡਾ (ਪੱਤਰ ਪ੍ਰੇਰਕ): ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿੱਚ ਗਣਤੰਤਰ ਦਿਵਸ ਜੋਸ਼ ਅਤੇ ਦੇਸ਼ ਭਗਤੀ ਦੇ ਉਤਸ਼ਾਹ ਨਾਲ ਯੂਨੀਵਰਸਿਟੀ ਕੈਂਪਸ ਵਿੱਚ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਾਈਸ ਚਾਂਸਲਰ ਪ੍ਰੋ. ਬੂਟਾ ਸਿੰਘ ਸਿੱਧੂ ਨੇ ਰਾਸ਼ਟਰ ਅਤੇ ਇਸ ਦੇ ਮਹਾਨ ਸੁਤੰਤਰਤਾ ਸੈਨਾਨੀਆਂ ਨੂੰ ਸਲਾਮ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਇਆ।
ਚੰਗੀਆਂ ਸੇਵਾਵਾਂ ਦੇਣ ਬਦਲੇ ਕਰਮਚਾਰੀਆਂ ਦਾ ਸਨਮਾਨ
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਚੋਣਾਂ ਦੇ ਚੱਲਦਿਆਂ ਇਸ ਵਾਰ ਗਣਤੰਤਰ ਦਿਵਸ ਸਮਾਗਮ ਮੌਕੇ ਕਿਸੇ ਸਿਆਸੀ ਆਗੂ ਦੀ ਬਜਾਏ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ| ਇਸ ਮੌਕੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਪ੍ਰੇਰਿਤ ਕੀਤਾ| ਸਮਾਗਮ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਚੰਗੀਆਂ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸ਼ਲਾਘਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ|