ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ
ਪਿੰਡ ਕੋਟਲੀ ਸੰਘਰ ਦੇ ਵਸਨੀਕ ਪੀਣ ਵਾਲੇ ਸ਼ੁੱਧ ਪਾਣੀ ਨੂੰ ਤਰਸ ਰਹੇ ਹਨ। ਪਿੰਡ ’ਚ ਧਰਤੀ ਹੇਠਲਾ ਪਾਣੀ ਮਾੜਾ ਹੋਣ ਕਾਰਨ ਲੋਕ ਕੈਂਸਰ ਅਤੇ ਹੋਰ ਨਾ-ਮੁਰਾਦ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਸਿਰਫ ਨਹਿਰੀ ਪਾਣੀ ਦੀ ਹੀ ਆਸ ਹੈ। ਪਰ ਜਲ ਸਪਲਾਈ ਵਿਭਾਗ ਵੱਲੋਂ ਸਪਲਾਈ ਕੀਤਾ ਜਾ ਰਿਹਾ ਨਹਿਰੀ ਪਾਣੀ, ਸੀਵਰੇਜ ਦੇ ਪਾਣੀ ’ਚ ਮਿਲਣ ਮਗਰੋਂ ਗੰਦਾ ਹੋ ਕੇ ਲੋਕਾਂ ਦੇ ਘਰਾਂ ਤੱਕ ਪਹੁੰਚ ਰਿਹਾ ਹੈ, ਜਿਸ ਕਾਰਨ ਲੋਕ ਪ੍ਰਦੂਸ਼ਿਤ ਪਾਣੀ ਪੀਣ ਲਈ ਮਜਬੁੂਰ ਹਨ। ਇਸ ਸਮੱਸਿਆ ਦੇ ਹੱਲ ਲਈ ਕੋਈ ਸੁਣਵਾਈ ਕਰਨ ਵਾਲਾ ਨਹੀਂ। ਜੇਕਰ ਵਿਭਾਗ ਦੇ ਕਿਸੇ ਮੁਲਾਜ਼ਮ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਤਾਂ ਉਹ ਲੋਕਾਂ ਦੀ ਫਰਿਆਦ ਨੂੰ ਅਣਸੁਣੀ ਕਰ ਦਿੰਦੇ ਹਨ। ਪਿੰਡ ਦੇ ਮੌਜੂਦਾ ਪੰਚਾਇਤ ਮੈਂਬਰ ਚੰਦ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਸੋਹਣ ਸਿੰਘ, ਗਿਆਨ ਸਿੰਘ, ਜਸਵਿੰਦਰ ਸਿੰਘ, ਰਾਜਿੰਦਰ ਸਿੰਘ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਸੁਖਦੀਪ ਕੌਰ, ਮਨਪ੍ਰੀਤ ਕੌਰ, ਰੁਪਿੰਦਰ ਕੌਰ, ਮਹਿਕਪ੍ਰੀਤ ਕੌਰ ਅਤੇ ਗੁਰਮੇਲ ਕੌਰ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਟੂਟੀਆਂ ’ਚ ਗੰਦਾ ਪਾਣੀ ਆ ਰਿਹਾ। ਉਨ੍ਹਾਂ ਦੱਸਿਆ ਕਿ ਉਹ ਕਈ ਵਾਰ ਵਿਭਾਗ ਦੇ ਕਰਮਚਾਰੀਆਂ ਨੂੰ ਇਸ ਸਮੱਸਿਆ ਬਾਰੇ ਜਾਣੂ ਕਰਵਾ ਚੁੱਕੇ ਹਨ ਪਰ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਵੱਸ ਇਹ ਕੀਟਾਣੂਆਂ ਵਾਲਾ ਪਾਣੀ ਪੀਣਾ ਪੈ ਰਿਹਾ ਹੈ। ਇਸ ਗੰਦੇ ਪਾਣੀ ਪੀਣ ਨਾਲ ਉਹ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਬੈਠਣ ਲਈ ਮਜਬੂਰ ਹੋਣਗੇ। ਜਲ ਸਪਲਾਈ ਵਿਭਾਗ ਦੇ ਐੱਸਡੀਓ ਜਗਮੋਹਨ ਸਿੰਘ ਨੇ ਕਿਹਾ ਕਿ ਪਹਿਲਾਂ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਨਹੀਂ ਸੀ ਪਰ ਹੁਣ ਧਿਆਨ ’ਚ ਆ ਗਿਆ ਹੈ ਤੇ ਉਹ ਅੱਜ ਹੀ ਪੜਤਾਲ ਕਰਵਾਉਣਗੇ।