ਪੱਤਰ ਪ੍ਰੇਰਕ
ਅਬੋਹਰ, 30 ਸਤੰਬਰ
ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਸੰਦੀਪ ਜਾਖੜ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਅਤੇ ਅਬੋਹਰ ਬੱਸ ਸਟੈਂਡ ਦੇ ਮੁੜ ਨਿਰਮਾਣ ਦੇ ਬਕਾਏ ਦੇਣ ਦਾ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ। ਸ੍ਰੀ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਨੂੰ ਦੇਖਦਿਆਂ ‘ਹਾਥੀ ਦੰਦ ਖਾਣ ਦੇ ਹੋਰ ਤੇ ਦਿਖਾਉਣ ਦੇ ਹੋਰ’ ਵਾਲੀ ਕਹਾਵਤ ਯਾਦ ਆ ਜਾਂਦੀ ਹੈ ਕਿਉਂਕਿ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਬੱਸ ਅੱਡੇ ਦੇ ਕੰਮ ਨੂੰ 3-4 ਮਹੀਨਿਆਂ ’ਚ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਵੀ ਬਕਾਇਆ ਜਾਰੀ ਨਾ ਹੋਣ ਕਾਰਨ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ ਅਤੇ ਸਾਲ 2020 ’ਚ ਭਾਰੀ ਬਰਸਾਤ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ 7 ਸਤੰਬਰ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪਰ ਹਕੀਕਤ ਇਸ ਦੇ ਉਲਟ ਹੈ ਅਤੇ ਅੱਜ ਵੀ ਕਿਸਾਨ ਮੁਆਵਜ਼ੇ ਦੀ ਰਾਸ਼ੀ ਨੂੰ ਉਡੀਕ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀ ਮੁਆਵਜ਼ਾ ਰਾਸ਼ੀ ਤੇ ਬੱਸ ਸਟੈਂਡ ਦੇ ਬਕਾਏ ਜਲਦੀ ਜਾਰੀ ਕੀਤੇ ਜਾਣ।