ਨਵਕਿਰਨ ਸਿੰਘ
ਮਹਿਲ ਕਲਾਂ, 19 ਸਤੰਬਰ
ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਿੰਡ ਚੰਨਣਵਾਲ ਦੇ ਸਰਪੰਚ ਬੂਟਾ ਸਿੰਘ ਨੇ ਅੱਜ ਆਪਣੇ ਦੋ ਸਾਥੀ ਪੰਚਾਂ ਬਲਵੰਤ ਸਿੰਘ ਅਤੇ ਛੱਤਾ ਸਿੰਘ ਸਮੇਤ ਪਿੰਡ ਦੇ ਇਕੱਠ ਵਿੱਚ ਭਾਜਪਾ ਨੂੰ ਛੱਡਣ ਦਾ ਐਲਾਨ ਕਰਦਿਆਂ ਕਿਸਾਨਾਂ, ਮਜ਼ਦੂਰਾਂ ਦੇ ਹਿੱਤਾਂ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਸਰਪੰਚ ਬੂਟਾ ਸਿੰਘ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਕੁੱਝ ਲੋਕਾਂ ਵੱਲੋਂ ਸਾਥੀਆਂ ਸਮੇਤ ਉਨ੍ਹਾਂ ਨੂੰ ਗੁਮਰਾਹ ਕਰਕੇ ਭਾਜਪਾ ਵਿੱਚ ਸ਼ਾਮਲ ਕਰਵਾਇਆ ਗਿਆ ਸੀ, ਜੋ ਉਨ੍ਹਾਂ ਦੀ ਇੱਕ ਵੱਡੀ ਭੁੱਲ ਸੀ। ਉਨ੍ਹਾਂ ਕਿਹਾ ਕਿ ਅੱਜ ਤੋਂ ਉਹ ਭਾਜਪਾ ਨਾਲ ਕੋਈ ਵੀ ਨਾਤਾ ਨਹੀਂ ਰੱਖਣਗੇ।
ਉਨ੍ਹਾਂ ਕਿਹਾ ਕਿ ਹੁਣ ਉਹ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਿੱਚ ਸ਼ਾਮਲ ਹੋ ਕੇ ਕਿਸਾਨਾਂ, ਮਜ਼ਦੂਰਾਂ ਦੀ ਏਕਤਾ ਅਤੇ ਭਲਾਈ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਇਕਾਈ ਪ੍ਰਧਾਨ ਦਲਵੀਰ ਸਿੰਘ, ਸੁਖਵਿੰਦਰ ਸਿੰਘ ਸੁੱਖੀ ਜਰਨੈਲ ਜਰਨੈਲ ਸਿੰਘ, ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਇਕਾਈ ਪ੍ਰਧਾਨ ਜਗਜੀਤ ਸਿੰਘ ਅਤੇ ਬਲਵਿੰਦਰ ਸਿੰਘ ਨੇ ਚੰਨਣਵਾਲ ਦੇ ਸਰਪੰਚ ਅਤੇ ਉਸ ਦੇ ਸਾਥੀਆਂ ਦਾ ਲੋਕਾਂ ਦੇ ਪੱਖ ਵਿੱਚ ਫ਼ੈਸਲਾ ਲੈਣ ’ਤੇ ਸਵਾਗਤ ਕੀਤਾ।