ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 10 ਫਰਵਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਸਕੱਤਰ ਗੁਰਬੀਰ ਸਿੰਘ ਵੱਲੋਂ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਵਿਚ ਬੰਦ ਕੈਦੀਆਂ ਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ।
ਅਥਾਰਿਟੀ ਦੇ ਸਕੱਤਰ ਨੇ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਜਿਸ ਵਿਅਕਤੀ ਕੋਲ ਆਪਣੇ ਕੇਸ ਦੀ ਪੈਰਵਾਈ ਕਰਨ ਲਈ ਕੋਈ ਵਕੀਲ ਨਹੀਂ ਹੈ, ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿੱਚ ਆਪਣੀ ਦਰਖਾਸਤ ਭੇਜ ਸਕਦੇ ਹਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਸਹਾਇਕ ਜੇਲ੍ਹ ਸੁਪਰਡੈਂਟ ਨੂੰ ਆਖਿਆ ਕਿ ਕੋਵਿਡ ਦੇ ਮੱਦੇਨਜ਼ਰ ਹਰੇਕ ਬੰਦੀ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਮਾਸਕ ਆਦਿ ਮੁਹੱਈਆ ਕਰਵਾਏ ਜਾਣ ਅਤੇ ਜੇਲ੍ਹ ਦੀ ਸਾਫ-ਸਫਾਈ ਦਾ ਵੀ ਧਿਆਨ ਰੱਖਿਆ ਜਾਵੇ।