ਸ਼ਹਿਣਾ (ਪੱਤਰ ਪ੍ਰੇਰਕ): ਬਲਾਕ ਸ਼ਹਿਣਾ ਦੇ ਪਿੰਡਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਬਲਾਕ ਸ਼ਹਿਣਾ ਦੇ ਵੱਖ ਵੱਖ ਪਿੰਡਾਂ ਵਿੱਚ ਇੱਕ ਹਜ਼ਾਰ ਏਕੜ ਦੇ ਕਰੀਬ ਸਿੱਧੀ ਝੋਨੇ ਦੀ ਬਿਜਾਈ ਹੋਈ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ’ਤੇ 25 ਤੋਂ 40 ਫੀਸਦੀ ਤੱਕ ਪਾਣੀ ਦੀ ਬਚਤ ਹੁੰਦੀ ਹੈ ਜਦਕਿ ਕੱਦੂ ਵਿਧੀ ਰਾਹ ਬੀਜੇ ਜਾਂਦੇ ਝੋਨੇ ’ਤੇ ਪਾਣੀ ਦੀ ਖਪਤ ਵਧੇਰੇ ਹੁੰਦੀ ਹੈ। ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਸਿੱਧੀ ਬਿਜਾਈ ਵਾਲੇ ਖੇਤਾਂ ’ਤੇ ਨਜ਼ਰ ਰੱਖ ਰਹੀਆਂ ਹਨ।