ਮਹਿੰਦਰ ਸਿੰਘ ਰੱਤੀਆਂ
ਮੋਗਾ, 13 ਅਕਤੂਬਰ
ਸੂਬੇ ’ਚ ਕਣਕ ਦੀ ਬਿਜਾਈ ਸਿਰ ਉੱਤੇ ਆ ਗਈ ਹੈ ਪਰ ਡੀਏਪੀ ਖਾਦ ਦੀ ਘਾਟ ਕਾਰਨ ਅੰਨਦਾਤਾ ਫ਼ਿਕਰਮੰਦ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਚੱਲ ਰਹੇ ਘੋਲ ਦੌਰਾਨ ਝੋਨੇ ਦੀ ਲੁਆਈ ਮੌਕੇ ਜਾਣ ਬੁੱਝ ਕੇ ਬਿਜਲੀ ਸੰਕਟ ਤੇ ਹੁਣ ਖਾਦ ਸੰਕਟ ਖੜ੍ਹਾ ਕੀਤਾ ਜਾ ਰਿਹਾ ਹੈ। ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਲਜ਼ਾਰ ਸਿੰਘ ਘੱਲਕਲਾਂ ਨੇ ਕਿਹਾ ਕਿ ਕਿਸਾਨ ਕਾਲੇ ਕਾਨੂੰਨ ਰੱਦ ਕਰਾਉਣ ਲਈ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਹਨ ਤੇ ਦੂਜੇ ਪਾਸੇ ਕਿਸਾਨ ਹਿਤੈਸ਼ੀ ਹੋਣ ਦਾ ਦੰਭ ਕਰਦੀ ਕਾਂਗਰਸ ਆਪਣੀ ਭਲ ਬਹਾਲ ਕਰਾਉਣ ਲਈ ਤਾਂ ਤਰਲੋਮੱਛੀ ਹੋ ਰਹੀ ਹੈ ਪਰ ਕਿਸਾਨਾਂ ਨੂੰ ਦਰਪੇਸ਼ ਖਾਦ ਤੇ ਬਿਜਲੀ ਸੰਕਟ ਦੇ ਹੱਲ ਲਈ ਕੋਈ ਸਰੋਕਾਰ ਨਹੀਂ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਦੇ ਮਾੜੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਨਿੱਜੀ ਖਾਦ ਡੀਲਰਾਂ ਨੂੰ ਕਿਸਾਨਾਂ ਵੱਲੋਂ ਖਾਦ ਖਰੀਦਣ ਸਮੇਂ ਹੋਰ ਵਾਧੂ ਸਾਮਾਨ ਮੜਨ ਤੋਂ ਰੋਕਣ ਦੀ ਮੰਗ ਕੀਤੀ। ਬੀਕੇਯੂ ਏਕਤਾ ਉਗਰਾਹਾਂ ਆਗੂ ਬਲੌਰ ਸਿੰਘ ਘਾਲੀ ਤੇ ਹੋਰ ਕਿਸਾਨ ਆਗੂਆਂ ਨੇ ਸਥਾਨਕ ਸਹਿਕਾਰੀ ਵਿਭਾਗ ਦੇ ਡਿਪਟੀ ਰਜਿਸਟਰਾਰ ਨੂੰ ਖਾਦ ਦੀ ਕਿੱਲਤ ਲਈ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਕਿਸਾਨਾਂ ਨੂੰ ਸਾਜਿਸ਼ ਤਹਿਤ ਪਰੇਸ਼ਾਨ ਕਰਨ ਲਈ ਕੋਲਾ, ਬਿਜਲੀ ਤੇ ਖਾਦ ਦਾ ਸੰਕਟ ਖੜ੍ਹਾ ਕੀਤਾ ਜਾ ਰਿਹਾ ਹੈ। ਪਹਿਲਾਂ ਡੀਏਪੀ ਖਾਦ ਦੇ ਇੱਕ ਥੈਲੇ ਪਿੱਛੇ ਸਿੱਧਾ 700 ਰੁਪਏ ਦਾ ਵਾਧਾ ਕਰਕੇ ਵਿਤੀ ਤੰਗੀ ਦੀ ਮਾਰ ਝੱਲ ਰਹੇ ਕਿਸਾਨਾ ਉੱਤੇ ਹੋਰ ਬੋਝ ਪਾ ਦਿੱਤਾ ਗਿਆ। ਪੰਜਾਬ ਵਿੱਚ ਲਗਪਗ 8 ਲੱਖ ਟਨ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਕਾਰਨ ਪੰਜਾਬ ਦੇ ਕਿਸਾਨਾਂ ’ਤੇ ਸਿੱਧਾ 1100 ਕਰੋੜ ਰੁਪਏ ਦਾ ਵਾਧੂ ਬੋਝ ਪਿਆ ਹੈ। ਉਨ੍ਹਾਂ ਕਿਹਾ ਕਿ ਕਣਕ ਤੇ ਆਲੂ ਦੀ ਬਿਜਾਈ ਕਿਸਾਨਾਂ ਵੱਲੋਂ ਕੀਤੀ ਜਾਣੀ ਹੈ ਪਰ ਪਹਿਲਾਂ ਹੀ ਕਿਸਾਨਾਂ ਨੂੰ ਖਾਦ ਦੀ ਕਿੱਲਤ ਕਾਰਨ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਫਸਲਾਂ ਦੇ ਭਾਅ ਵਿੱਚ ਨਿਗੂਣਾ ਵਾਧਾ ਕੀਤਾ ਜਾਂਦਾ ਹੈ, ਜਦਕਿ ਖਾਦਾਂ ਅਤੇ ਡੀਜ਼ਲ ਦੇ ਭਾਅ ਵਿੱਚ ਰੋਜ਼ਾਨਾ ਹੀ ਵਾਧਾ ਹੋ ਰਿਹਾ ਹੈ।