ਪਰਮਜੀਤ ਸਿੰਘ
ਫਾਜ਼ਿਲਕਾ, 27 ਜਨਵਰੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ਭਰ ’ਚ ਗਣਤੰਤਰ ਦਿਵਸ ਮੌਕੇ ਰੱਖੇ ਰੋਸ ਪ੍ਰਦਰਸ਼ਨ ਵਜੋਂ ਅੱਜ ਫ਼ਾਜ਼ਿਲਕਾ ਵਿੱਚ ਭਰਾਤਰੀ ਜਥੇਬੰਦੀ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅੰਮ੍ਰਿਤਪਾਲ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਸੰਨੀ ਕੁਮਾਰ ਦੀ ਅਗਵਾਈ ਵਿੱਚ ਕਾਲੇ ਚੋਗੇ ਪਾ ਕੇ ਅਤੇ ਕਾਲੇ ਝੰਡਿਆਂ ਨਾਲ ਸ਼ਾਂਤ ਮਈ ਢੰਗ ਫਾਜ਼ਿਲਕਾ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਉੱਪਰ ਫਾਜ਼ਿਲਕਾ ਦੇ ਪੁਲੀਸ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦਿਆਂ ਇਨ੍ਹਾਂ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਫ਼ਾਜ਼ਿਲਕਾ ਸ਼ਹਿਰ ਤੋਂ ਬਾਹਰ ਥਾਣਾ ਖੂਈ ਖੇੜਾ ’ਚ ਰੱਖਿਆ ਗਿਆ ਤੇ ਗਣਤੰਤਰ ਦਿਵਸ ਦਾ ਪ੍ਰੋਗਰਾਮ ਸਮਾਪਤ ਹੋਣ ਮਗਰੋਂ ਰਿਹਾਅ ਕਰ ਦਿੱਤਾ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਾਡੀਆਂ ਸੇਵਾਵਾਂ ਵਿਭਾਗਾਂ ਵਿਚ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ ਤੇ ਆਗੂਆ ਨੇ ਕਿਹਾ ਕਿ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਇਹ ਮੰਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਬਹਾਲੀ ਬਿਨਾਂ ਸ਼ਰਤ ਤੋਂ ਕੀਤੀ ਜਾਵੇ। 20 ਜਨਵਰੀ ਨੂੰ ਲੱਗਿਆ ਸੀ, ਧਰਨੇ ’ਚ ਐੱਸਡੀਐੱਮ ਫਾਜ਼ਿਲਕਾ ਕੇਸ਼ਵ ਗੋਇਲ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਬਿਨਾਂ ਸ਼ਰਤ ਤੋਂ ਜਲਦ ਬਹਾਲ ਕਰ ਦਿੱਤਾ ਜਾਵੇਗੇ, ਪਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਵੱਲੋਂ 22 ਜਨਵਰੀ ਨੂੰ ਕਾਗਜ਼ੀ ਪੱਤਰ ਤੇ ਸੋਸ਼ਲ ਮੀਡੀਆ ਰਾਹੀਂ 24 ਜਨਵਰੀ ਐਤਵਾਰ ਛੁੱਟੀ ਵਾਲੇ ਦਿਨ ਅੰਮ੍ਰਿਤਪਾਲ ਸਿੰਘ ਨੂੰ ਅਨੇਕਾਂ ਸ਼ਰਤਾਂ ਲਾ ਕੇ ਆਪਣੀ ਮਰਜ਼ੀ ਨਾਲ ਬਹਾਲ ਕੀਤਾ।
ਬਠਿੰਡਾ (ਨਿੱਜੀ ਪੱਤਰ ਪ੍ਰੇਰਕ) ਮਗਨਰੇਗਾ ਕਰਮਚਾਰੀ ਵਰਕਰਜ਼ ਯੂਨੀਅਨ ਵੱਲੋਂ ਗਣਤੰਤਰ ਦਿਹਾੜੇ ਮੌਕੇ ਫੌਜੀ ਚੌਕ ’ਚ ਕਾਲੀਆਂ ਝੰਡੀਆਂ ਨਾਲ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਕਿਹਾ ਕਿ ਫ਼ਾਜ਼ਿਲਕਾ ’ਚ ਮੰਗਾਂ ਨੂੰ ਲੈ ਕੇ ਰੋਸ ਪ੍ਰਗਟਾ ਰਹੇ ਜਥੇਬੰਦੀ ਦੇ ਵਰਕਰਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਸੁਆਲ ਕੀਤਾ ਕਿ ਕੀ ਲੋਕਤੰਤਰ ਵਿਚ ਹੱਕਾਂ ਦੀ ਪ੍ਰਾਪਤੀ ਲਈ ਪ੍ਰਦਰਸ਼ਨ ਕਰਨਾ ਵੀ ਗੁਨਾਹ ਹੈ? ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਖਤਮ ਕਰਨ, ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨਿਯਮਤ ਕਰਨ, ਨਵੇਂ ਖੇਤੀ ਤੇ ਕਿਰਤ ਕਾਨੂੰਨਾਂ ਨੂੰ ਰੱਦ ਕਰਨ, ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਭੰਗ ਕਰਨ ਤੇ ਸਾਮਰਾਜੀ ਦੇਸ਼ਾਂ ਨਾਲ ਸਰਕਾਰ ਵੱਲੋਂ ਕੀਤੇ ਲੋਕ ਵਿਰੋਧੀ ਸਮਝੌਤੇ ਰੱਦ ਕਰਨ ਲਈ ਆਵਾਜ਼ ਬੁਲੰਦ ਕੀਤੀ।