ਪੱਤਰ ਪ੍ਰੇਰਕ
ਭੀਖੀ, 17 ਅਕਤੂਬਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸਿੱਖ ਪੰਥ ਨੂੰ ਦਰਪੇਸ਼ ਧਾਰਮਿਕ ਮੁੱਦਿਆਂ ਬਾਰੇ ਅਹਿਮ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸਿੱਖਾਂ ਕੋਲ ਅਜੇ ਵੀ ਸਮਾਂ ਹੈ ਕਿ ਆਪਣੇ ਪੰਥ ਨੂੰ ਲੁਟੇਰੇ ਪ੍ਰਬੰਧਕਾਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਬਾਦਲ ਪਰਿਵਾਰ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਕੁਰਸੀ ਦੀ ਚੌਧਰ ਲਈ ਸਿੱਖ ਪੰਥ ਵਰਤਿਆ ਹੈ। ਕੇਂਦਰ ਦੀਆਂ ਸਰਕਾਰਾਂ ਨਾਲ ਮਿਲ ਕੇ ਕੋਝੀਆਂ ਚਾਲਾਂ ਚੱਲੀਆਂ ਹਨ। ਉਨ੍ਹਾਂ ਕਿਹਾ ਕਿ ਜੇ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਅਦਾਰਿਆਂ ਵਿੱਚ ਗਰੀਬਾਂ ਦੇ ਬੱਚਿਆਂ ਨੂੰ ਦਾਖਲੇ ਦਿੱਤੇ ਹੁੰਦੇ ਤਾਂ ਉਹ ਲੋਕ ਆਪਣੇ ਧਰਮ ਨੂੰ ਛੱਡ ਕੇ ਹੋਰ ਡੇਰਿਆਂ ਨਾਲ ਨਾ ਜੁੜਦੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਐਸਜੀਪੀਸੀ ਚੋਣਾਂ ਵਿੱਚ ਪੰਥਕ ਅਕਾਲੀ ਲਹਿਰ ਵੱਲੋਂ ਆਪਣੇ ਉਮੀਦਵਾਰ ਉਤਾਰੇ ਜਾਣਗੇ।