ਨਵਕਿਰਨ ਸਿੰਘ
ਮਹਿਲ ਕਲਾਂ, 18 ਅਪਰੈਲ
ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦੀ ਚੱਲ ਰਹੀ ਢਿੱਲ ਖ਼ਿਲਾਫ਼ ਅੱਜ ਕਿਸਾਨਾਂ ਨੇ ਸੰਕੇਤਕ ਤੌਰ ’ਤੇ ਇੱਕ ਘੰਟੇ ਲਈ ਬਰਨਾਲਾ-ਲੁਧਿਆਣਾ ਮੁੱਖ ਮਾਰਗ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਵੱਡੀ ਘਾਟ ਵੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਕਿਸਾਨ ਖੱਜਲ-ਖੁਆਰ ਹੋ ਰਹੇ ਹਨ। ਇਸ ਮੌਕੇ ਕਿਸਾਨ ਆਗੂ ਮਲਕੀਤ ਸਿੰਘ ਮਹਿਲ ਕਲਾਂ, ਜਗਰਾਜ ਸਿੰਘ ਹਰਦਾਸਪੁਰਾ, ਸੁਖਮਿੰਦਰ ਸਿੰਘ ਕਲਾਲ ਮਾਜਰਾ, ਗੁਰਮੇਲ ਠੁੱਲੀਵਾਲ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਖਰੀਦ ਪ੍ਰਬੰਧਾਂ ਵਿੱਚ ਸੁਧਾਰ ਨਾ ਕੀਤਾ ਤਾਂ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸੇ ਤਰ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿੱਚ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਜਗਰੂਪ ਸਿੰਘ ਮਹੀਆਂਵਾਲਾ ਦੀ ਪ੍ਰਧਾਨਗੀ ਹੇਠ ਕੋਟਕਰੋੜ ਟੌਲ ਪਲਾਜ਼ੇ ’ਤੇ ਹੋਈ। ਆਗੂਆਂ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਾਰੀਆਂ ਅਨਾਜ ਮੰਡੀਆਂ ਵਿੱਚ ਬਾਰਦਾਨੇ ਦੀ ਕਿੱਲਤ ਕਾਰਨ ਕਿਸਾਨਾਂ ਖੱਜਲ ਹੋ ਰਹੇ ਹਨ। ਇਸ ਦੇ ਵਿਰੋਧ ਵਿੱਚ ਸ਼ੇਰ ਖਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ ਹੇਠ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਵੀ ਕੀਤਾ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਬਾਰਦਾਨੇ ਦੀ ਸਮੱਸਿਆ ਦਾ ਫੌਰੀ ਹੱਲ ਨਾ ਕੀਤਾ ਤਾਂ ਕਿਸਾਨ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ। ਇਸ ਸਮੇਂ ਬਿੱਕਰ ਸਿੰਘ, ਦਲਬੀਰ ਸਿੰਘ, ਮਲਕੀਤ ਸਿੰਘ, ਅੰਗਰੇਜ ਸਿੰਘ ਆਦਿ ਹਾਜ਼ਰ ਸਨ।
ਮੰਡੀਆਂ ’ਚ ਮਾੜੇ ਖਰੀਦ ਪ੍ਰਬੰਧਾਂ ’ਤੇ ਅਕਾਲੀ ਦਲ ਨੇ ਚੁੱਕੇ ਸਵਾਲ
ਬਠਿੰਡਾ (ਮਨੋਜ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ’ਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਢੁੱਕਵੇਂ ਪ੍ਰਬੰਧ ਨਾ ਕਰਨ ਦੇ ਦੋਸ਼ ਲਾਏ ਹਨ। ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਕਦੇ ਵੀ ਗਭੀਰ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ- ਚਾਰ ਸਾਲਾਂ ਤੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਰਮੇ ਅਤੇ ਕਪਾਹ ਦੀ ਖਰੀਦ ਵਿੱਚੋਂ ਵੀ ਸਰਕਾਰੀ ਏਜੰਸੀਆਂ ਗਾਇਬ ਰਹੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨ ਕਈ ਮਹੀਨਿਆਂ ਤੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ। ਅਜਿਹੇ ਹਾਲਾਤ ਵਿੱਚ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਸੀ ਕਿ ਉਹ ਕਣਕ ਦੀ ਖਰੀਦ ਦੇ ਅਗਾਊਂ ਢੁਕਵੇਂ ਪ੍ਰਬੰਧ ਕਰਦੀ।