ਪੱਤਰ ਪ੍ਰੇਰਕ
ਭੁੱਚੋ ਮੰਡੀ, 16 ਅਪਰੈਲ
ਪਿੰਡ ਭੁੱਚੋ ਖੁਰਦ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਵੱਲੋਂ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਮਰਹੂਮ ਹਰਪ੍ਰੀਤ ਕੌਰ ਭੁੱਚੋ ਖੁਰਦ ਦੇ ਕਥਿਤ ਕਤਲ ਦੇ ਮਾਮਲੇ ਵਿੱਚ ਉਸ ਦੀ ਸੱਸ ਬਲਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਅੱਗੇ ਵਧਾਉਣ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਦੇ ਪ੍ਰੈੱਸ ਸਕੱਤਰ ਜੋਤੀ ਭੁੱਚੋ ਖੁਰਦ ਨੇ ਦੱਸਿਆ ਕਿ ਸੱਸ ਨੂੰ ਗ੍ਰਿਫਤਾਰ ਕਰਵਾਉਣ ਲਈ ਦੋ ਵਾਰ ਕੌਮੀ ਮਾਰਗ ਜਾਮ ਕੀਤਾ ਜਾ ਚੁੱਕਿਆ ਹੈ। ਪਹਿਲੀ ਵਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਤਿੰਨ ਦਿਨ ਦੀ ਮੋਹਲਤ ਮੰਗ ਕੇ ਵਾਅਦਾ ਖ਼ਿਲਾਫ਼ੀ ਕੀਤੀ ਜਿਸ ਕਾਰਨ ਦੂਜੀ ਵਾਰ ਜਾਮ ਲਗਾਇਆ ਗਿਆ। ਇਸ ਦੌਰਾਨ ਪੁਲੀਸ ਦੇ ਉੱਚ ਅਧਿਕਾਰੀਆਂ ਨੇ 18 ਅਪਰੈਲ ਤੱਕ ਹਫ਼ਤੇ ਦੀ ਮੋਹਲਤ ਲਈ ਸੀ। ਪਰ ਹਾਲੇ ਤੱਕ ਸੱਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੂਬਾ ਕਮੇਟੀ ਦੇ ਧਿਆਨ ਵਿੱਚ ਲਿਆ ਦਿੱਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਪੁਲੀਸ ਨੇ ਸੱਸ ਨੂੰ ਗ਼ਿਫਤਾਰ ਨਾ ਕੀਤਾ, ਤਾਂ ਸੰਘਰਸ਼ ਨੂੰ ਅਣਮਿੱਥੇ ਸਮੇਂ ਲਈ ਮੁੜ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਆਗੂ ਹਾਜ਼ਰ ਸਨ।