ਪਰਮਜੀਤ ਸਿੰਘ
ਫਾਜ਼ਿਲਕਾ, 2 ਜਨਵਰੀ
ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਜਲਦੀ ਨੇਪਰੇ ਨਾ ਚਾੜ੍ਹਨ ਅਤੇ ਈ.ਟੀ.ਟੀ. ਟੈਟ ਪਾਸ ਅਤੇ ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ’ਤੇ ਤਸ਼ੱਦਦ ਦੇ ਵਿਰੋਧ ’ਚ ਅੱਜ ਫਾਜ਼ਿਲਕਾ ਦੇ ਪਿੰਡ ਚੂਹੜੀ ਵਾਲਾ ਚਿਸਤੀ ਵਿੱਚ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਸਰਬ ਭਾਰਤ ਨੌਜਵਾਨ ਸਭਾ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸ਼ੁਬੇਗ ਸਿੰਘ ਝੰਗੜ ਭੈਣੀ ਜ਼ਿਲ੍ਹਾ ਸਕੱਤਰ ਸਰਬ ਭਾਰਤ ਨੌਜਵਾਨ ਸਭਾ ਫਾਜ਼ਿਲਕਾ ਅਤੇ ਵਿਦਿਆਰਥੀ ਆਗੂ ਸੋਨਾ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਪਿਛਲੇ 25 ਸਾਲਾਂ ਤੋੰ ਪੰਜਾਬ ਸਰਕਾਰ ਵੱਲੋਂ ਕਾਲਜਾਂ ਵਿੱਚ ਕੋਈ ਨਵੀਂ ਭਰਤੀ ਨਹੀਂ ਕੀਤੀ ਗਈ ਜਿਸ ਨਾਲ ਉਚੇਰੀ ਸਿੱਖਿਆ ਦਾ ਪੱਧਰ ਦਿਨੋ-ਦਿਨ ਡਿੱਗਦਾ ਜਾ ਰਿਹਾ ਹੈ। ਆਗੂਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਛੇਤੀ ਭਰਤੀ ਮੁਕੰਮਲ ਕੀਤੀ ਜਾਵੇ। ਦੂਜੇ ਪਾਸੇ ਉਨ੍ਹਾਂ ਨੇ ਈ.ਟੀ.ਟੀ.ਟੈਟ ਪਾਸ ਅਤੇ ਬੀ.ਐੱਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ’ਤੇ ਪੰਜਾਬ ਸਰਕਾਰ ਵੱਲੋੱ ਕੀਤੇ ਲਾਠੀਚਾਰਜ ਦੀ ਨਿੰਦਾ ਕੀਤੀ।
ਇਸ ਮੌਕੇ ਸਾਜਣ ਕੁਮਾਰ, ਸੁੱਖਵਿੰਦਰ ਸਿੰਘ, ਪਰਮਿੰਦਰ ਸਿੰਘ, ਛਣਕ ਸਿੰਘ, ਪਰਵਿੰਦਰ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਬਿੰਦਰ ਸਿੰਘ ਆਦਿ ਹਾਜ਼ਰ ਸਨ।