ਜੋਗਿੰਦਰ ਸਿੰਘ ਮਾਨ
ਮਾਨਸਾ, 17 ਮਈ
ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਸੂਬਾ ਪ੍ਰਧਾਨ ਪ੍ਰਦੀਪ ਸਿੰਘ ਗੁਰੂ ਦੀ ਪ੍ਰਧਾਨਗੀ ਹੇਠ 6 ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦਾ ਇੱਕ ਵਫ਼ਦ ਜ਼ਿਲ੍ਹਾ ਤਹਿਸੀਲ ਭਲਾਈ ਅਫ਼ਸਰ ਨੂੰ ਮਿਲਿਆ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕਾਲਜ ਪ੍ਰਬੰਧਕਾਂ ਵੱਲੋਂ ਬੇਅਸੂਲੀ ਵਜ਼ੀਫ਼ਾ ਰਾਸ਼ੀ ਨੂੰ ਵਸੂਲਣ ਦੇ ਵਿਰੋਧ ਵਿੱਚ ਉਹ ਕਾਲਜਾਂ ਦੇ ਮੁੱਖ ਗੇਟਾਂ ਅੱਗੇ ਰੋਸ ਰੈਲੀਆਂ ਆਰੰਭ ਕਰਨਗੇ।
ਇਸ ਤੋਂ ਪਹਿਲਾਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਵਿਦਿਆਰਥੀਆਂ ਦਾ ਜਿਲ੍ਹਾ ਪੱਧਰੀ ਇਕੱਠ ਕੀਤਾ, ਜਿਸ ਵਿੱਚ ਮਾਤਾ ਸ਼ੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ, ਗੁਰੂ ਨਾਨਕ ਕਾਲਜ ਬੁਢਲਾਡਾ, ਦਿ ਰੌਆਇਲ ਗਰੁੱਪ ਆਫ਼ ਕਾਲਜ ਬੋੜਾਵਾਲ, ਕਿ੍ਸ਼ਨਾ ਕਾਲਜ ਰੱਲੀ, ਨੇਬਰਹੁਡ ਯੂਨੀਵਰਸਿਟੀ ਕੈਂਪਸ ਝੁਨੀਰ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਵਿਦਿਆਰਥੀ ਆਗੂਆਂ ਨੇ ਹਿੱਸਾ ਲਿਆ। ਇਸ ਇਕੱਠ ਦੌਰਾਨ ਐਸ.ਸੀ ਵਿਦਿਆਰਥੀਆਂ ਤੋਂ ਕਾਲਜ ਪ੍ਰਬੰਧਕਾਂ ਵੱਲੋਂ ਜਬਰਦਸ਼ਤੀ ਪੂਰੀ ਸਕਾਲਰਸ਼ਿਪ ਰਾਸ਼ੀ ਵਸੂਲਣ ਉਪਰਾਲੇ ਦੇ ਵਿਰੋਧ ਵਿੱਚ ਨਿੱਤਰਣ ਦਾ ਨਿਰਣਾ ਲਿਆ ਗਿਆ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਕਾਲਜ ਪ੍ਰਬੰਧਕਾਂ ਵੱਲੋਂ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਕੇ ਵਿਦਿਆਰਥੀਆਂ ਪਾਸੋਂ ਡਰਾ ਧਮਕਾਕੇ ਵਜੀਫ਼ਾ ਰਾਸ਼ੀ ਵਾਪਸ ਲੈਣ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਇਸੇ ਦੌਰਾਨ ਵਿਦਿਆਰਥੀ ਆਗੂਆਂ ਨੂੰ ਜ਼ਿਲ੍ਹਾ ਭਲਾਈ ਅਫ਼ਸਰ ਨੇ ਵਿਸਵਾਸ਼ ਦਵਾਇਆ ਕਿ ਉਨ੍ਹਾਂ ਦਾ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਕਾਲਜਾਂ ਖਿਲਾਫ਼ ਬਣਦੀ ਕਰਵਾਈ ਕੀਤੀ ਜਾਵੇਗੀ।