ਲਖਵੀਰ ਸਿੰਘ ਚੀਮਾ
ਟੱਲੇਵਾਲ, 10 ਜੁਲਾਈ
ਪਿੰਡ ਚੀਮਾ ਦੇ ਕਿਸਾਨ ਨੇ ਕਰਜ਼ੇ ਅਤੇ ਬਿਮਾਰੀ ਦੀ ਪ੍ਰੇਸ਼ਾਨ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਕੇਯੂ ਕਾਦੀਆਂ ਦੇ ਆਗੂ ਜਗਤਾਰ ਸਿੰਘ ਥਿੰਦ ਨੇ ਦੱਸਿਆ ਕਿ ਕਰਨੈਲ ਸਿੰਘ ਥਿੰਦ (42) ਵਾਸੀ ਚੀਮਾ ਤਿੰਨ ਏਕੜ ਜ਼ਮੀਨ ’ਤੇ ਖੇਤੀ ਕਰਦਾ ਸੀ। ਖੇਤੀ ਵਿੱਚ ਘਾਟਾ ਪੈਣ ਕਾਰਨ ਉਸ ਦੇ ਸਿਰ 11 ਲੱਖ ਦੇ ਕਰੀਬ ਕਰਜ਼ਾ ਚੜ੍ਹ ਗਿਆ ਸੀ। ਪਿਛਲੇ ਕੁੱਝ ਸਮੇਂ ਤੋਂ ਉਹ ਸ਼ੂਗਰ ਅਤੇ ਪੀਲੀਏ ਦੀ ਬਿਮਾਰੀ ਤੋਂ ਵੀ ਪੀੜਤ ਸੀ। ਕਰਜ਼ੇ ਅਤੇ ਬਿਮਾਰੀ ਦੇ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਆਪਣੇ ਘਰ ਅੰਦਰ ਹੀ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਉਸ ਦੇ ਪਰਿਵਾਰ ਵਿੱਚ ਪਤਨੀ ਤੇ ਇੱਕ ਪੁੱਤਰ ਅਤੇ ਇੱਕ ਧੀ ਹਨ। ਕਰਨੈਲ ਸਿੰਘ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਸ ਸਬੰਧੀ ਪੱਖੋ-ਕੈਂਚੀਆਂ ਪੁਲੀਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਮ੍ਰਿਤਕ ਦੇ ਪੁੱਤਰ ਹਰਪ੍ਰੀਤ ਸਿੰਘ ਦੇ ਬਿਆਨ ਦਰਜ ਕਰ ਕੇ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਕਰਨੈਲ ਸਿੰਘ ਭਾਕਿਯੂ ਕਾਦੀਆਂ ਦਾ ਸਰਗਰਮ ਮੈਂਬਰ ਸੀ। ਅੱਜ ਉਸ ਦੇ ਅੰਤਿਮ ਸਸਕਾਰ ਮੌਕੇ ਭਾਕਿਯੂ ਕਾਦੀਆਂ ਦੇ ਆਗੂਆਂ ਸੰਪੂਰਨ ਸਿੰਘ ਚੂੰਘਾਂ, ਜਸਵੀਰ ਸਿੰਘ ਸੁਖਪੁਰਾ, ਊਧਮ ਸਿੰਘ ਜੋਧਪੁਰ, ਜਗਰਾਜ ਭੱਟ, ਭਿੰਦਾ ਟੱਲੇਵਾਲ, ਗੁਰਪ੍ਰੀਤ ਸਿੰਘ ਗੁਰੀ ਅਤੇ ਬਲਵਿੰਦਰ ਸਿੰਘ ਥਿੰਦ ਵਲੋਂ ਜਿੱਥੇ ਜੱਥੇਬੰਦੀ ਦਾ ਝੰਡਾ ਪਾ ਕੇ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਸਰਕਾਰ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ।