ਪੱਤਰ ਪ੍ਰੇਰਕ
ਮਾਨਸਾ, 30 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਤਨੀ ਅਤੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਭੈਣ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਚੋਣ ਪ੍ਰਚਾਰ ਦੇ ਅਖਰੀਲੇ ਦਿਨ ਹੰਭਲਾ ਮਾਰਿਆ। ਹਰਸਿਮਰਤ ਲਗਾਤਾਰ ਚੌਥੀ ਵਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਜਿੱਤਣ ਲਈ ਚੋਣ ਮੈਦਾਨ ਵਿੱਚ ਜੂਝ ਰਹੇ ਹਨ।
ਅਕਾਲੀ ਦਲ ਦੇ ਦੋਵੇਂ ਸੀਨੀਅਰ ਆਗੂਆਂ ਨੇ ਅੱਜ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਜ਼ਿਲ੍ਹੇ ਦੇ ਮਾਨਸਾ ਸਮੇਤ ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਮਾਨਸਾ ਵਿਚ ਮੰਚ ’ਤੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਇਕੱਠਿਆਂ ਦੇਖ ਕੇ ਅਕਾਲੀ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਪਾਰਟੀ ਤੋਂ ਮਿਲੇ ਵੇਰਵਿਆਂ ਅਨੁਸਾਰ ਇਨ੍ਹਾਂ ਦੋਨੋਂ ਆਗੂਆਂ ਵੱਲੋਂ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਇਲਾਵਾ ਪੰਜਾਬ ਦੇ ਕਿਸੇ ਹੋਰ ਹਲਕੇ ਵਿੱਚ ਅਕਾਲੀ ਉਮੀਦਵਾਰਾਂ ਲਈ ਕਿਸੇ ਵੱਡੇ ਚੋਣ ਜਲਸੇ ਨੂੰ ਸੰਬੋਧਨ ਨਹੀਂ ਕੀਤਾ। ਹਰਸਿਮਰਤ ਕੌਰ ਬਾਦਲ ਨੂੰ ਇਸ ਵਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਵੱਡੀ ਚੁਣੌਤੀ ਦੇ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀਆਂ ਦੌਰਾਨ ਸੰਬੋਧਨ ਕਰਨ ਤੋਂ ਇਲਾਵਾ ਪਾਰਟੀ ਆਗੂਆਂ ਨੂੰ ਤਨਦੇਹੀ ਅਤੇ ਹੌਸਲੇ ਨਾਲ ਵੋਟਾਂ ਭੁਗਤਾਉਣ ਲਈ ਜ਼ੋਰਦਾਰ ਥਾਪੀ ਦਿੱਤੀ। ਮਜੀਠੀਆ ਨੇ ਨੌਜਵਾਨਾਂ ਨੂੰ ਤਕੜੇ ਹੋ ਕੇ ਪਾਰਟੀ ਉਮੀਦਵਾਰ ਦੇ ਹੱਕ ਵਿਚ ਡਟਣ ਲਈ ਹੱਲਾਸ਼ੇਰੀ ਦਿੱਤੀ।