ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 20 ਜਨਵਰੀ
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਲੇਲੇਵਾਲਾ ’ਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਨਗਰ ਦੀਆਂ ਵੱਖ-ਵੱਖ ਥਾਵਾਂ ਤੋਂ ਗੁਜ਼ਰਦਾ ਹੋਇਆ ਬਾਅਦ ਦੁਪਹਿਰ ਵਾਪਸ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਉਪਰੰਤ ਸਮਾਪਤ ਹੋਇਆ। ਨਗਰ ਕੀਰਤਨ ਦੀ ਸ਼ੁਰੂਆਤ ਸਵੇਰੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਨਾਜ਼ਮ ਸਿੰਘ ਗੋਰਾ ਵੱਲੋਂ ਆਰੰਭਿਕ ਅਰਦਾਸ ਕਰਨ ਨਾਲ ਹੋਈ। ਨਗਰ ਕੀਰਤਨ ਦੇ ਰਵਾਨਾ ਹੋਣ ਵੇਲੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜੰਗੀਰ ਸਿੰਘ ਤੇ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀਆਂ ਨੂੰ ਸਿਰਪਾਓ ਭੇਟ ਕੀਤੇ। ਇਸ ਦੌਰਾਨ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਸਕੂਲ ਜੋਧਪੁਰ ਪਾਖਰ ਦੇ ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਦਿਖਾਏ। ਬਾਬਾ ਤੇਜਾ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ। ਮੁੱਖ ਗ੍ਰੰਥੀ ਨੇ ਦਸਮ ਪਿਤਾ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਆ।
ਸ਼ਹਿਣਾ (ਪੱਤਰ ਪ੍ਰੇਰਕ): ਪਿੰਡ ਜੋਧਪੁਰ ’ਚ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਭਾਈ ਮੂਲ ਚੰਦ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਬਲਵੀਰ ਸਿੰਘ ਪਾਰਸ ਦੇ ਜਥੇ ਨੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਾਰੇ ਇਤਿਹਾਸਕ ਵੰਨਗੀਆਂ ਪੇਸ਼ ਕੀਤੀਆਂ।
ਸਾਦਿਕ (ਗਰਪ੍ਰੀਤ ਸਿੰਘ): ਸਿੰਘ ਸਭਾ ਗੁਰਦੁਆਰਾ ਸਾਦਿਕ ਵਿੱਚ ਗੁਰੂ ਗੋਬਿੰਦ ਸਿੰਘ ਦੇ ਜਨਮ ਦਿਵਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਰਾਗੀ ਸਿੰਘਾਂ ਨੇ ਕੀਰਤਨ। ਗੁਰਦੁਆਰਾ ਕਮੇਟੀ ਮੈਂਬਰ ਸੁਰਜੀਤ ਸਿੰਘ ਢਿੱਲੋਂ ਨੇ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ।
ਮੰਡੀ ਘੁਬਾਇਆ (ਕੁਲਦੀਪ ਸਿੰਘ ਬਰਾੜ): ਪਿੰਡ ਚੱਕ ਦੁਮਾਲ ਟਿੰਡਾਂ ਵਾਲਾ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਨਗਰ ਕੀਰਤਨ ਸਜਾਏ ਗਏ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀਆਂ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰੂ ਘਰ ਵਿੱਚ ਹੀ ਮੁੜ ਸਮਾਪਤ ਹੋਇਆ।
ਭਾਈਰੂਪਾ (ਅਵਤਾਰ ਸਿੰਘ ਧਾਲੀਵਾਲ): ਗੁਰੁੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਭਾਈਰੂਪਾ ਤੋਂ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਦੌਰਾਨ ਭਾਈ ਚਮਕੌਰ ਸਿੰਘ ਤਪੀਆ ਨੇੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਭਾਈ ਬਲਜਿੰਦਰ ਸਿੰਘ ਬਗੀਚਾ ਦੇ ਢਾਡੀ ਜਥੇ ਨੇ ਸਿੱਖ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।
ਭੀਖੀ (ਕਰਨ ਭੀਖੀ): ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤਿਆ, ਰਾਗੀਆਂ ਤੇ ਕਥਾਵਾਚਕਾਂ ਨੇ ਗੁਰੂ ਸਾਹਿਬ ਫਲਸਫੇ ’ਤੇ ਚਾਨਣਾ ਪਾਇਆ।
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰ ਕੋਠਾ ਗੁਰੂ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਤੋਂ ਪਹਿਲਾਂ ਗੁਰਦੁਆਰਾ ਗੁੰਗਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਭਾਈ ਜਗਸੀਰ ਸਿੰਘ ਨੇ ਕੀਤੀ।