ਪਰਮਜੀਤ ਸਿੰਘ
ਫਾਜ਼ਿਲਕਾ, 17 ਦਸੰਬਰ
ਪਿੰਡ ਚੱਕ ਬਲੋਚਾ (ਮਹਾਲਮ) ਵਿੱਚ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਰਮਿੰਦਰ ਆਵਲਾ ਦੇ ਫਲੈਕਸਾਂ ਉੱਪਰ ਕਾਲਖ ਮਲੀ ਗਈ। ਬੇਰੁਜ਼ਗਾਰ ਅਧਿਆਪਕ ਈਟੀਟੀ ਟੈੱਟ ਪਾਸ ਅਧਿਆਪਕ ਕੁਲਵਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਵਿਧਾਇਕ ਰਮਿੰਦਰ ਆਵਲਾ ਵੱਲੋਂ ਉਨ੍ਹਾਂ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਰਵਾਈ ਜਾਵੇਗੀ, ਜਿਸ ਨਾਲ ਉਨ੍ਹਾਂ ਦੇ ਲਟਕਦੇ ਆ ਰਹੇ ਮਸਲੇ ਹੱਲ ਕੀਤੇ ਜਾਣਗੇ, ਪਰ ਵਿਧਾਇਕ ਵੱਲੋਂ ਮੀਟਿੰਗ ਕਰਾਉਣ ਦੀ ਗੱਲ ਤਾਂ ਬਹੁਤ ਦੂਰ, ਉਸ ਤੋਂ ਬਾਅਦ ਉਨ੍ਹਾਂ ਨੂੰ ਮਿਲਣਾ ਵੀ ਮੁਨਾਸਬਿ ਨਹੀਂ ਸਮਝਿਆ ਜਿਸ ਦੇ ਵਿਰੋਧ ਵਜੋਂ ਅੱਜ ਪਿੰਡ ਚੱਕ ਬਲੋਚਾ (ਮਹਾਲਮ) ਵਿੱਚ ਉਨ੍ਹਾਂ ਦੇ ਫਲੈਕਸਾਂ ਉਪਰ ਕਾਲਖ ਮਲੀ ਗਈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਨਹੀਂ ਮੰਨੀਆਂ ਜਾਂਦੀਆਂ ਤਾਂ ਉਨ੍ਹਾਂ ਵੱਲੋਂ ਅੱਗੇ ਤੋਂ ਵੀ ਇਸੇ ਤਰ੍ਹਾਂ ਦਾ ਵਿਰੋਧ ਜਾਰੀ ਰਹੇਗਾ ਅਤੇ ਪਿੰਡਾਂ ਵਿੱਚ ਵਿਧਾਇਕ ਰਮਿੰਦਰ ਆਵਲਾ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ।