ਜਸਵੰਤ ਜੱਸ
ਫਰੀਦਕੋਟ, 30 ਸਤੰਬਰ
ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫ਼ਰੀਦਕੋਟ ਦੇ ਸੱਦੇ ’ਤੇ ਫ਼ਰੀਦਕੋਟ ਜ਼ਿਲ੍ਹੇ ਦੇ ਸੈਂਕੜੇ ਅਧਿਆਪਕਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਰੋਸ ਰੈਲੀ ਕਰ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਲਗਾਤਾਰ ਮੁਲਾਜ਼ਮ ਤੇ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ ਤੇ ਪਿਛਲੇ ਸਮੇਂ ਦੌਰਾਨ ਮੌਂਟੇਕ ਸਿੰਘ ਆਹਲੂਵਾਲੀਆ ਦੀ ਕਮੇਟੀ ਵੱਲੋਂ ਕੀਤੀਆਂ ਸਾਰੀਆਂ ਸਿਫਾਰਸ਼ਾਂ ਲੋਕ ਤੇ ਮੁਲਾਜ਼ਮ ਵਿਰੋਧੀ ਹਨ। ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਹੋਣ ਨਾਲ ਆਮ ਲੋਕਾਂ ਤੇ ਮੁਲਾਜ਼ਮਾਂ ਦਾ ਜਿਊਣਾ ਦੁੱਬਰ ਹੋ ਜਾਵੇਗਾ। ਅਧਿਆਪਕਾਂ ਨੇ ਜ਼ਿਲ੍ਹੇ ਦੇ ਡਿਪਟੀ ਡੀ.ਈ.ਓ. (ਐਲੀਮੈਂਟਰੀ ਸਿੱਖਿਆ) ਫ਼ਰੀਦਕੋਟ ਵੱਲੋਂ ਅਧਿਆਪਕ ਅਤੇ ਦਫ਼ਤਰੀ ਮੁਲਾਜ਼ਮਾਂ ਵਿਰੋਧੀ ਅਖਤਿਆਰ ਰਵੱਈਏ ਦਾ ਵਿਰੋਧ ਕਰਦਿਆਂ ਇਸ ਅਧਿਕਾਰੀ ਦੀ ਬਦਲੀ ਕਰਨ ਦੀ ਮੰਗ ਕੀਤੀ।