ਜੋਗਿੰਦਰ ਸਿੰਘ ਮਾਨ
ਮਾਨਸਾ, 15 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁੱਖ ਮੰਗਾਂ ਮਨਵਾਉਣ ਲਈ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਲਾਇਆ ਪੱਕਾ ਮੋਰਚਾ ਅੱਜ 5ਵੇਂ ਦਿਨ ਵੀ ਜਾਰੀ ਰਿਹਾ। ਅੱਜ ਧਰਨੇ ਵਿੱਚ ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਹੱਕਾਂ ਅਤੇ ਮੰਗਾਂ ਮਸਲਿਆਂ ਦੇ ਹੱਲ ਕਰਨ ਦੀ ਬਜਾਏ ਘੂਕ ਸੁੱਤੀ ਪਈ ਹੈ, ਜਿਸ ਨੂੰ ਜਗਾਉਣ ਲਈ ਹੁਣ ਰੋਸ ਮੁਜ਼ਾਹਰਿਆਂ ਨੂੰ ਹੋਰ ਵਧਾਇਆ ਜਾਵੇਗਾ।
ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਕਿਹਾ ਕਿ ਬੇਮੌਸਮੇ ਮੀਂਹ ਕਾਰਨ ਮਰੀਆਂ ਫ਼ਸਲਾਂ ਅਤੇ ਡਿੱਗੇ ਹੋਏ ਘਰਾਂ ਦਾ ਸਰਵੇਖਣ ਕਰਵਾ ਕੇ ਮੁਆਵਜ਼ਾ ਦੇਣਾ ਅਤੇ ਪਰਾਲੀ ਨਾਲ ਸਬੰਧਤ ਕੇਸਾਂ ਵਿੱਚ ਰੈੱਡ ਐਂਟਰੀਆਂ ਬੰਦ ਕਰਵਾਉਣਾ ਕਿਸਾਨਾਂ ਦੀਆਂ ਮੁੱਖ ਮੰਗਾਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਦਰਸ਼ਾਹੀ ਫੁਰਮਾਨ ਜਾਰੀ ਕਰਦਿਆਂ ਕਿਰਤੀ ਲੋਕਾਂ ਦੇ ਰੋਸ ਪ੍ਰਦਰਸ਼ਨ ’ਤੇ ਰੋਕ ਲਾ ਕੇ ਜ਼ੁਬਾਨਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਸੀ, ਪਰ ਲੋਕਾਂ ਦੀਆਂ ਉਮੀਦਾਂ ’ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ। ਇਸ ਮੌਕੇ ਲਖਵੀਰ ਸਿੰਘ, ਗੁਰਚਰਨ ਸਿੰਘ ਉੱਲਕ, ਰੂਪ ਸਿੰਘ, ਵਰਿਆਮ ਸਿੰਘ ਖਿਆਲਾ, ਗੁਰਵਿੰਦਰ ਸਿੰਘ ਰਾਠੀ, ਬਲਜੀਤ ਸਿੰਘ ਭੈਣੀਬਾਘਾ, ਬਲਵਿੰਦਰ ਚਕੇਰੀਆਂ, ਗੁਰਲਾਲ ਸਿੰਘ ਕੋਟਲੀ ਨੇ ਵੀ ਸੰਬੋਧਨ ਕੀਤਾ।