ਮਹਿੰਦਰ ਸਿੰਘ ਰੱਤੀਆਂ
ਮੋਗਾ, 24 ਮਈ
ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ’ਚ ਆਈਆਂ ਇਨਕਲਾਬੀ ਤਬਦੀਲੀਆਂ ਅਤੇ ਬੁਨਿਆਦੀ ਢਾਂਚੇ ਦੀ ਬਦਲੀ ਦਿਖ ਸਦਕਾ ਹਰ ਵਰਗ ਦੇ ਮਾਪਿਆਂ ਵੱਲੋਂ ਸਰਕਾਰੀ ਸਕੂਲਾਂ ’ਚ ਆਪਣੇ ਬੱਚੇ ਦਾਖਲ ਕਰਵਾਉਣ ਦਾ ਰੁਝਾਨ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਥੇ ਉੱਘੀ ਅਥਲੀਟ ਤੇ ਸਬ ਇੰਸਪੈਕਟਰ ਪੁਲੀਸ ਹਰਜੀਤ ਕੌਰ ਢੀਂਡਸਾ ਅਤੇ ਏਐੱਸਆਈ ਰਾਜਬੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਆਪਣੇ ਦੋਵਾਂ ਬੱਚਿਆਂ ਤੇ ਹੋਰ ਪਰਿਵਾਰ ਦੇ ਬੱਚਿਆਂ ਨੂੰ ਨਿੱਜੀ ਸਕੂਲ ਵਿੱਚੋਂ ਹਟਾ ਕੇ ਪਿੰਡ ਘੱਲ ਕਲਾਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਾਖਲ ਕਰਵਾਇਆ ਹੈ। ਇਸ ਤਰਾਂ ਦੇ ਹੋਰ ਵੀ ਕਈ ਮਾਪੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਸੁਸ਼ੀਲ ਨਾਥ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਕੇਸ਼ ਮੱਕੜ ਅਤੇ ਸਮਰਾਟ ਸਕੂਲ ਮੁਹਿੰਮ ਦੇ ਨੋਡਲ ਅਫ਼ਸਰ ਪ੍ਰਿੰਸੀਪਲ ਅਵਤਾਰ ਸਿੰਘ ਕਰੀਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 650 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 213 ਤੇ 353 ਪ੍ਰਾਇਮਰੀ ਸਕੂਲਾਂ ਵਿੱਚ 321 ਸਕੂਲ ਸਮਰਾਟ ਸਕੂਲ ਬਣ ਚੁੱਕੇ ਹਨ। ਇਸ ਦੇ ਨਾਲ ਸਰਕਾਰੀ ਸਕੂਲਾਂ ਵਿਚ ਇਸ ਸਾਲ ਨਵੇਂ ਦਾਖਲਿਆਂ ਵਿਚ 9.02 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ।