ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 20 ਨਵੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੀਆਂ ਆਗੂਆਂ ਨੇ ਅੱਜ ਇਥੇ ਪਹੁੰਚ ਕੇ ਡੀਸੀ ਦਫ਼ਤਰ ਮੂਹਰੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦਾ ਮਰਨ ਵਰਤ ਨੌਵੇਂ ਦਿਨ ਖ਼ਤਮ ਕਰਵਾ ਦਿੱਤਾ, ਕਿਉਂਕਿ ਏਡੀਸੀ ਦੀ ਅਗਵਾਈ ਹੇਠ ਬਣੀ ਕਮੇਟੀ ਨੇ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖ਼ਤਮ ਕਰਨ ਵਾਲੇ ਫੈਸਲੇ ਦੀ ਰਿਪੋਰਟ ਅੱਜ ਜਥੇਬੰਦੀ ਦੀਆਂ ਆਗੂਆਂ ਨੂੰ ਸੌਂਪ ਦਿੱਤੀ ਹੈ। ਇਸੇ ਮਸਲੇ ਲਈ ਉਨ੍ਹਾਂ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ। ਇਸ ਕਮੇਟੀ ਨੇ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖ਼ਤਮ ਕਰਨ ਨੂੰ ਸਹੀ ਦੱਸਿਆ ਹੈ ਪਰ ਜਥੇਬੰਦੀ ਦਾ ਕਹਿਣਾ ਸੀ ਕਿ ਪਿਛਲੇ ਲਗਪਗ ਪੰਜ ਮਹੀਨਿਆਂ ਤੋਂ ਏਡੀਸੀ ਇਸ ਸਬੰਧੀ ਕੋਈ ਫੈਸਲਾ ਨਹੀਂ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਉਕਤ ਕਮੇਟੀ ਕੋਈ ਜਵਾਬ ਨਹੀਂ ਸੀ ਦਿੰਦੀ ਓਨੀ ਦੇਰ ਤੱਕ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਨਹੀਂ ਸੀ ਕੀਤੀ ਜਾ ਸਕਦੀ। ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਆਪਣੇ ਬਹਾਲੀ ਦੇ ਮਸਲੇ ਨੂੰ ਲੈ ਕੇ ਹਾਈ ਕੋਰਟ ਜਾਣਗੇ। ਉਹ ਬੇਕਸੂਰ ਹਨ ਤੇ 34 ਸਾਲ ਮਹਿਕਮੇ ਵਿੱਚ ਇਮਾਨਦਾਰੀ ਨਾਲ ਡਿਊਟੀ ਨਿਭਾਈ ਹੈ। ਉਨ੍ਹਾਂ ਕਿਹਾ ਕਿ ਧਰਨਾ ਭਾਵੇਂ ਅੱਜ ਖ਼ਤਮ ਕੀਤਾ ਗਿਆ ਹੈ ਪਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਲਈ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰਾਂ ਨੂੰ ਗਰੇਡ ਦਿੱਤੇ ਜਾਣ। ਸਾਲ 2017 ਤੋਂ ਖੋਹੇ ਹੋਏ ਆਂਗਣਵਾੜੀ ਸੈਂਟਰਾਂ ਦੇ ਬੱਚੇ ਵਾਪਸ ਦਿੱਤੇ ਜਾਣ ਅਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣ।