ਪੱਤਰ ਪ੍ਰੇਰਕ
ਮਾਨਸਾ, 10 ਜੁਲਾਈ
ਸੰਗਰੂਰ ਨੇੜੇ ਪਿੰਡ ਖੁਰਾਣਾ ਵਿੱਚ ਪਾਣੀ ਵਾਲ਼ੀ ਟੈਂਕੀ ਉੱਤੇ ਬੈਠ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰ ਰਹੇ ਕੱਚੇ ਅਧਿਆਪਕ ਇੰਦਰਜੀਤ ਸਿੰਘ ਮਾਨਸਾ ਨੂੰ ਸਿੱਖਿਆ ਵਿਭਾਗ ਵੱਲੋਂ, ਜੋ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਉਸ ਦੇ ਸਬੰਧ ਵਿੱਚ ਮਾਨਸਾ ਜ਼ਿਲ੍ਹੇ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਨੂੰ ਇਸ ਕਾਰਨ ਦੱਸੋ ਨੋਟਿਸ ਦਾ ਲਿਖਤੀ ਜਵਾਬ ਦਿੱਤਾ ਗਿਆ। ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਜਮਹੂਰੀ ਹੱਕ ਹੈ ਅਤੇ ਸਰਕਾਰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਵਿਭਾਗ ਵੱਲੋਂ ਸੰਘਰਸ਼ੀ ਅਧਿਆਪਕ ਵਿਰੁੱਧ ਕੋਈ ਕਦਮ ਚੁੱਕਿਆ ਜਾਂਦਾ ਹੈ ਤਾਂ ਸਮੂਹ ਅਧਿਆਪਕ ਜਥੇਬੰਦੀਆਂ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।
ਇਸ ਮੌਕੇ ਸਿੱਖਿਆ ਪ੍ਰੋਵਾਈਡਰ ਜਥੇਬੰਦੀ ਦੇ ਆਗੂ ਮਨਪ੍ਰੀਤ ਸਿੰਘ ਗੜੱਦੀ, ਗੁਰਪ੍ਰੀਤ ਸਿੰਘ ਦਲੇਲ ਵਾਲਾ, ਅਮੋਲਕ ਡੇਲੂਆਣਾ, ਨਵਜੋਸ਼ ਸਪੋਲੀਆ, ਕੁਲਦੀਪ ਅੱਕਾਂਵਾਲੀ, ਹਰਵਿੰਦਰ ਕੋਟੜਾ, ਹਰਜਿੰਦਰ ਅਨੂਪਗੜ੍ਹ, ਰਾਜਿੰਦਰ ਸਿੰਘ ਦਲੇਲ ਸਿੰਘ ਵਾਲਾ ਮੌਜੂਦ ਸਨ।