ਪੱਤਰ ਪ੍ਰੇਰਕ
ਤਪਾ ਮੰਡੀ, 1 ਜੂਨ
ਕਾਂਗਰਸ ਦੇ ਸਾਬਕਾ ਮੰਤਰੀ ਗੁਰਪਰੀਤ ਸਿੰਘ ਕਾਂਗੜ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਉਸ ਦੇ ਪਰਿਵਾਰ ਨੂੰ ਹੀ ਨਹੀਂ, ਸਗੋਂ ਪੰਜਾਬੀ ਗਾਇਕੀ ਨੂੰ ਵੀ ਵੱਡਾ ਘਾਟਾ ਪਿਆ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਹੁਣ ‘ਆਪ’ ਸਰਕਾਰ ਨਿਸਾਨੇ ’ਤੇ ਆ ਗਈ ਹੈ।
ਸਿਆਸੀ ਧਿਰਾਂ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸਰਕਾਰ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ ਅਤੇ ਸਰਕਾਰ ’ਤੇ ਕਈ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਸਰਕਾਰ ਅੱਗੇ ਇਹ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇ ਵੇਲੇ ਸਿਰ ਅਮਨ-ਕਾਨੂੰਨ ਦੀ ਸਥਿਤੀ ਕਾਬੂ ਨਾ ਕੀਤੀ ਗਈ ਤਾਂ ਗੈਰ-ਸਮਾਜੀ ਅਨਸਰਾਂ ਨੇ ਕਦਮ ਵਧਾ ਲੈਣੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਗੈਂਗਸਟਰਾਂ ਦੇ ਮੁੜ ਉਭਾਰ ਤੋਂ ਹਰ ਪੰਜਾਬੀ ਫ਼ਿਕਰਮੰਦ ਹੋ ਗਿਆ ਹੈ।
ਸ੍ਰੀ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ ਕਿ ਕੀ ਸ਼ੋਹਰਤ ਖੱਟਣ ਲਈ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਉਸ ਦੀ ਹੱਤਿਆ ਲਈ ਜ਼ਿੰਮੇੇਵਾਰ ਹੈ। ਉਨ੍ਹਾਂ ਕਿਹਾ ਕਿ ਇਹ ਸਿਆਸੀ ਲਾਹਾ ਲੈਣ ਦਾ ਸਮਾਂ ਨਹੀਂ, ਸਗੋਂ ਸਰਕਾਰ ਨੂੰ ਮੌਜੂਦਾ ਹਾਲਾਤ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਸੂਬੇ ਦੀ ਅਮਨ ਕਾਨੂੰਨ ਦੀ ਬੱਦਤਰ ਹਾਲਤ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਹੋਈ ਹੈ ਜਿਸ ਦੀ ਜ਼ਿੰਮੇਵਾਰੀ ਆਮ ਆਦਮੀ ਸਰਕਾਰ ਸਿਰ ਹੀ ਪੈਂਦੀ ਹੈ। ਇਸ ਵੇਲੇ ਸੁਰੱਖਿਆ ਵਾਪਸੀ ਦੇ ਮਾਮਲੇ ’ਤੇ ਮੁੜ ਗੌਰ ਕਰਨ ਦੀ ਲੋੜ ਹੈ।