ਬਰਨਾਲਾ: ਜ਼ਿਲ੍ਹਾ ਕਚਹਿਰੀਆਂ ਦੀ ਰਾਖੀ ਲਈ ਤਾਇਨਾਤ ਚੌਕੀਦਾਰ ਪਰਮਿੰਦਰ ਸਿੰਘ (42) ਨੇ ਬੀਤੀ ਰਾਤ ਆਪਣੇ ਕਮਰੇ ਵਿਚ ਲੱਗੇ ਛੱਤ ਵਾਲੇ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦਾ ਪਰਿਵਾਰਕ ਮੈਂਬਰਾਂ ਨੂੰ ਸਵੇਰੇ 7:30 ਕੁ ਵਜੇ ਉਦੋਂ ਪਤਾ ਲੱਗਿਆ, ਜਦੋਂ ਚੌਕੀਦਾਰ ਦਾ ਪੁੱਤਰ ਉਸ ਦੀ ਚਾਹ ਲੈ ਕੇ ਅਦਾਲਤ ਪਹੁੰਚਿਆ। ਪਿਤਾ ਨੂੰ ਪੱਖੇ ਨਾਲ ਲਟਕਦਾ ਦੇਖ ਉਸ ਨੇ ਘਟਨਾ ਦੀ ਸੂਚਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਅਦਾਲਤ ਪੁੱਜੇ ਤੇ ਪੁਲੀਸ ਨੂੰ ਸੂਚਨਾ ਦਿੱਤੀ। ਥਾਣਾ ਸਿਟੀ-2 ਦੇ ਇੰਚਾਰਜ ਆਪਣੀ ਟੀਮ ਨਾਲ ਘਟਨਾ ਸਥਾਨ ’ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਕਰ ਕੇ ਲਾਸ਼ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਆਂਦੀ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਮਿੰਦਰ ਸਿੰਘ ਕਾਫ਼ੀ ਸਮੇਂ ਤੋਂ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਕੇਸ ਦੇ ਪੜਤਾਲੀਆ ਅਫ਼ਸਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ