ਗੁਰਪ੍ਰੀਤ ਦੌਧਰ
ਅਜੀਤਵਾਲ, 26 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਹਰਗੋਬਿੰਦ ਹਾਈ ਸਕੂਲ ਮੱਦੋਕੇ ਵਿਚ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਦੀ ਚੌਥੇ ਗੇੜ ਦੀ ਮੀਟਿੰਗ ਵਿਚ ਕੋਈ ਸੁਣਵਾਈ ਨਾ ਹੋਣ ਕਾਰਨ ਧਰਨਾ ਜਾਰੀ ਰੱਖਿਆ ਹੋਇਆ ਹੈ। ਸਕੂਲ ਟਰੱਸਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰ ਨਾ ਲਏ ਜਾਣ ਕਾਰਨ ਅਧਿਆਪਕ ਬੇਹੱਦ ਮਾਨਸਿਕ ਪ੍ਰੇਸ਼ਾਨੀਆਂ ਵਿੱਚੋਂ ਗੁਜ਼ਰ ਰਹੇ ਹਨ। ਇੱਥੇ ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਕਈ ਅਧਿਆਪਕ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੇ ਮਰੀਜ਼ ਹਨ।
ਅੱਜ ਸਵੇਰੇ ਧਰਨੇ ਤੇ ਇੱਕ ਅਧਿਆਪਕਾ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਲਿਜਾਇਆ ਗਿਆ। ਇਸ ਸਬੰਧੀ ਅਧਿਆਪਕਾਂ ਨੇ ਸਿੱਧੇ ਤੌਰ ’ਤੇ ਸਕੂਲ ਟਰੱਸਟ ਨੂੰ ਦੋਸ਼ੀ ਠਹਿਰਾਇਆ ਹੈ। ਅਧਿਆਪਕਾਂ ਵੱਲੋਂ ਆਖ਼ਰੀ ਸਾਹ ਤੱਕ ਸੰਘਰਸ਼ ਵਿੱਚ ਡਟੇ ਰਹਿਣ ਦਾ ਪ੍ਰਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਲਈ ਸਿੱਧੇ ਤੌਰ ਸਕੂਲ ਦੇ ਟਰੱਸਟੀ ਜ਼ਿੰਮੇਵਾਰ ਹੋਣਗੇ। ਬੱਚਿਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਲਈ ਵੀ ਸਕੂਲ ਟਰਸਟ ਜ਼ਿੰਮੇਵਾਰ ਹੈ ਕਿਉਂਕਿ ਜਨਵਰੀ ਮਹੀਨੇ ਤਕ ਅਧਿਆਪਕਾਂ ਵੱਲੋਂ ਵਾਰ-ਵਾਰ ਅਪੀਲ ਕਰਨ ਤੇ ਵੀ ਟਰੱਸਟ ਮੈਂਬਰਾਂ ਵੱਲੋਂ ਉਨ੍ਹਾਂ ਨਾਲ ਰਾਬਤਾ ਨਹੀਂ ਕੀਤਾ ਗਿਆ। ਬੀਤੇ ਦਿਨ ਅਧਿਆਪਕਾਂ ਦੀ ਐੱਸਐੱਸਪੀ ਮੋਗਾ ਨਾਲ ਮੀਟਿੰਗ ਦੌਰਾਨ ਇਨਸਾਫ਼ ਦਾ ਭਰੋਸਾ ਦਿਵਾਇਆ ਗਿਆ। ਸਰੀਰਕ ਤੇ ਮਾਨਸਿਕ ਪ੍ਰੇਸ਼ਾਨੀਆਂ ਵਿੱਚੋਂ ਗੁਜ਼ਰ ਰਹੇ ਅਧਿਆਪਕ ਆਪਣੀਆਂ ਮੰਗਾਂ ਉੱਪਰ ਡਟੇ ਹੋਏ ਹਨ। ਸੰਘਰਸ਼ ਕਰ ਰਹੀਆਂ ਅਧਿਆਪਕਾਂ ਨੇ ਕਿਹਾ ਕਿ ਜੇ ਮੰਗਾਂ ਨਾਂ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।