ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 19 ਨਵੰਬਰ
ਬੈਂਕ ਮੈਨੇਜਰ ਸਿਮਰਨਦੀਪ ਬਰਾੜ ਨੂੰ ਨਹਿਰ ’ਚ ਸੁੱਟ ਕੇ ਮਾਰਨ ਦੇ ਮਾਮਲੇ ਵਿੱਚ ਪੁਲੀਸ ਨੇ ਅੱਠ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ ਪਰ ਹਾਲੇ ਤੱਕ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਿਸ ਦੇ ਰੋਸ ਵਜੋਂ ਅੱਜ ਪੀੜਤ ਪਰਿਵਾਰ ਨੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਧਰਨੇ ਦੀ ਅਗਵਾਈ ਕਰ ਰਹੀ ਇਨਸਾਫ਼ ਕਮੇਟੀ ਦੇ ਆਗੂਆਂ ਨੇ ਆਖਿਆ ਕਿ ਪੁਲੀਸ ਘਟਨਾ ਤੋਂ ਇੱਕ ਮਹੀਨੇ ਬਾਅਦ ਵੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਇਸ ਦੌਰਾਨ ਐੱਸਐੱਸਪੀ ਤੁਸ਼ਾਰ ਗੁਪਤਾ ਦੀ ਅਗਵਾਈ ਹੇਠਲੀ ‘ਸਿਟ’ ਵੱਲੋਂ ਪੀੜਤ ਪਰਿਵਾਰ ਅਤੇ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਭਰੋਸਾ ਦਿੱਤਾ ਗਿਆ ਕਿ 22 ਨਵੰਬਰ ਤੱਕ ਮੁਲਜ਼ਮ ਗ੍ਰਿਫ਼ਤਾਰ ਕਰ ਲਏ ਜਾਣਗੇ। ਵਫ਼ਦ ਵਿੱਚ ਸ਼ਾਮਲ ਮ੍ਰਿਤਕ ਦੇ ਪਿਤਾ ਦਰਸ਼ਨ ਸਿੰਘ ਬਰਾੜ, ਭਿੰਦਰ ਸਿੰਘ ਲੰਬੀ ਢਾਬ, ਰਜਿੰਦਰ ਸਿੰਘ ਦੂਹੇਵਾਲਾ, ਗੋਬਿੰਦ ਸਿੰਘ ਕੋਟਲੀ ਦੇਵਨ, ਕਰਮਜੀਤ ਸ਼ਰਮਾ, ਗੁਰਮੀਤ ਲੰਬੀ ਢਬ, ਸਿਮਰਜੀਤ ਸਿੰਘ ਥਾਂਦੇਵਾਲਾ, ਉਪਕਾਰ ਸਿੰਘ, ਵਰਿੰਦਰ ਢੋਸੀਵਾਲ, ਸ਼ਿਵਰਾਜ ਸਿੰਘ ਭੰਗਚੜ੍ਹੀ ਤੇ ਹੋਰਨਾਂ ਨੇ ਦੱਸਿਆ ਕਿ ‘ਸਿਟ’ ਵੱਲੋਂ ਹੁਣ ਤੱਕ ਕੀਤੀ ਕਾਰਵਾਈ ਬਾਰੇ ਦੱਸਿਆ ਗਿਆ ਅਤੇ 22 ਨਵੰਬਰ ਤੱਕ ਦੇ ਸਮੇਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਵਫ਼ਦ ਨੇ ਐੱਸਐੱਸਪੀ ਦੇ ਵਾਰ-ਵਾਰ ਦਿੱਤੇ ਭਰੋਸੇ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਜੇ 22 ਨਵੰਬਰ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰੀ ਨਾ ਕੀਤਾ ਗਿਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ’ਚ ਸ਼ਹਿਰ ਵਾਸੀ ਤੇ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਜਾਣਕਾਰੀ ਅਨੁਸਾਰ 19 ਅਕਤੂਬਰ ਨੂੰ ਬੈਂਕ ਮੈਨੇਜਰ ਸਿਮਰਨਦੀਪ ਬਰਾੜ ਦੀ ਪਿੰਡ ਭੁੱਲਰ ਲਾਗਲੀ ਸਰਹਿੰਦ ਫੀਡਰ ਨਹਿਰ ਵਿੱਚੋਂ ਕਾਰ ਸਣੇ ਲਾਸ਼ ਮਿਲੀ ਸੀ ਜਿਸ ਤੋਂ ਬਾਅਦ ਪੁਲੀਸ ਨੇ ਮੁਕਤਸਰ ਦੇ 6 ਡਾਕਟਰਾਂ ਸਣੇ 8 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ‘ਸੰਯੁਕਤ ਕਿਸਾਨ ਮੋਰਚੇ’ ਦੀ ਅਗਵਾਈ ਹੇਠ ਜਥੇਬੰਦੀਆਂ ਵੱਲੋਂ ‘ਇਨਸਾਫ ਕਮੇਟੀ’ ਗਠਿਤ ਕੀਤੀ ਗਈ ਜਿਸਦੀ ਅਗਵਾਈ ਹੇਠ ਅੱਜ ਐੱਸਐੱਸਪੀ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ।